550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਬਾਹਰਲੇ ਸੂਬਿਆਂ ''ਚ ਸੰਗਤਾਂ ਨਾਲ ਰਾਬਤਾ

08/06/2018 12:04:19 PM

ਅੰਮ੍ਰਿਤਸਰ (ਦੀਪਕ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸੰਗਤ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ। ਇਨ੍ਹੀਂ ਦਿਨੀਂ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖੁਦ ਮੁੰਬਈ ਦੀ ਸੰਗਤ ਤੇ ਉਥੋਂ ਦੇ ਮੋਹਤਬਰ ਸਿੱਖਾਂ ਨਾਲ ਇਸ ਸਬੰਧੀ ਵਿਚਾਰ-ਵਟਾਂਦਰਾ ਕਰ ਕੇ ਆਏ ਹਨ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਤਿੰਨ ਮੈਂਬਰ ਸੁਖਵਰਸ਼ ਸਿੰਘ ਪੰਨੂ, ਰਾਮਪਾਲ ਸਿੰਘ ਬਹਿਣੀਵਾਲ ਤੇ ਮਨਜੀਤ ਸਿੰਘ ਬੱਪੀਆਣਾ ਵੀ ਪੰਜਾਬ ਤੋਂ ਬਾਹਰਲੇ ਕੁਝ ਸੂਬਿਆਂ ਵਿਚ ਸੰਗਤਾਂ ਨੂੰ ਪ੍ਰੇਰਿਤ ਕਰ ਰਹੇ ਹਨ। ਅੱਜ ਇਸ ਸਬੰਧੀ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿਖੇ ਸਥਿਤ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਦੇ ਇੰਚਾਰਜ ਗਿਆਨੀ ਗੁਰਮੀਤ ਸਿੰਘ ਸੈਣੀ ਦੇ ਉਪਰਾਲੇ ਨਾਲ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਵਿਚ ਧਰਮ ਪ੍ਰਚਾਰ ਕਮੇਟੀ ਦੇ ਇਨ੍ਹਾਂ ਤਿੰਨੇ ਮੈਂਬਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਚੱਲ ਰਹੇ ਗੁਰੂ ਤੇਗ ਬਹਾਦਰ ਅਜਾਇਬ ਘਰ ਵਿਖੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਦੇ ਵਡ-ਆਕਾਰੀ ਚਿੱਤਰਾਂ ਤੋਂ ਵੀ ਪਰਦਾ ਹਟਾਇਆ ਗਿਆ। ਇਸ ਤੋਂ ਇਲਾਵਾ ਛੱਤੀਸਗੜ੍ਹ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਦੇ ਚੈੱਕ ਵੀ ਦਿੱਤੇ ਗਏ। 
ਮੁੱਖ ਸਕੱਤਰ ਨੇ ਦੱਸਿਆ ਕਿ ਦੋਹਾਂ ਹੀ ਸ਼ਹੀਦਾਂ ਨੂੰ ਦਸਤਾਰ ਵਾਲੇ ਸਰੂਪ ਨਾਲ ਪੇਸ਼ ਕੀਤਾ। ਉਨ੍ਹਾਂ ਛੱਤੀਸਗੜ੍ਹ ਦੇ ਗੁਰਦੁਆਰਾ ਸਾਹਿਬਾਨ ਨੂੰ ਦਿੱਤੀ ਸਹਾਇਤਾ ਰਾਸ਼ੀ ਬਾਰੇ ਦੱਸਿਆ ਕਿ ਗੁਰਦੁਆਰਾ ਸਿੰਘ ਸਭਾ ਭਲਾਈ ਜ਼ਿਲਾ ਦੁਰਗ ਵੱਲੋਂ ਮੁਫਤ ਹਸਪਤਾਲ ਚਲਾਇਆ ਜਾ ਰਿਹਾ ਹੈ, ਜਿਸ ਲਈ 2 ਲੱਖ ਰੁਪਏ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਬਾਗ ਬਹਾਰਾ (ਮਹਾਸਮੁੰਦ) ਲਈ 1 ਲੱਖ ਰੁਪਏ, ਗੁਰਦੁਆਰਾ ਸਿੰਘ ਸਭਾ ਬਿਲਹਾ (ਬਿਲਾਸਪੁਰ) ਲਈ 1 ਲੱਖ ਰੁਪਏ, ਗੁਰਦੁਆਰਾ ਸਿੰਘ ਸਭਾ ਮੇਘਾ (ਧਮਤਰੀ) ਲਈ 1 ਲੱਖ ਰੁਪਏ ਅਤੇ ਗੁਰਦੁਆਰਾ ਭਗਤ ਕਬੀਰ ਸਾਹਿਬ ਲਈ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਇਸ ਮੌਕੇ ਵਰਿੰਦਰ ਸਿੰਘ ਠਰੂ, ਗਿਆਨੀ ਗੁਰਮੀਤ ਸਿੰਘ ਸੈਣੀ, ਐਡਵੋਕੇਟ ਤੇਜਪਾਲ ਸਿੰਘ, ਸਰਵਣ ਸਿੰਘ, ਇੰਦਰਜੀਤ ਸਿੰਘ, ਅਮਰਜੀਤ ਸਿੰਘ, ਬਹਾਦਰ ਸਿੰਘ, ਬੀਬੀ ਜਗਜੀਤ ਕੌਰ ਸਮੇਤ ਹੋਰ ਮੌਜੂਦ ਸਨ।