ਬੇਅੰਤ ਸਿੰਘ ਦੇ ਪਰਿਵਾਰ ਨੂੰ ਦਮਦਮੀ ਟਕਸਾਲ ਦੀ ਅਪੀਲ

10/03/2019 11:51:53 AM

ਅੰਮ੍ਰਿਤਸਰ (ਛੀਨਾ) : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ 'ਚ ਚੁਣੌਤੀ ਦੇਣ ਪ੍ਰਤੀ ਵਿਚਾਰ ਨੂੰ ਮਨੁੱਖੀ ਆਧਾਰ 'ਤੇ ਤਿਆਗ ਦੇਣ ਦੀ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਪਰਿਵਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ।

ਦਮਦਮੀ ਟਕਸਾਲ ਦੇ ਮੁਖੀ ਨੇ ਵਿਧਾਇਕ ਗੁਰਕੀਰਤ ਸਿੰਘ ਅਤੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ਨੂੰ ਸਿਰਫ ਰਾਜਨੀਤਕ ਪੱਖੋਂ ਹੀ ਨਹੀਂ ਲਿਆ ਜਾਣਾ ਚਾਹੀਦਾ, ਉਹ ਨਾ ਸਿਰਫ 23 ਸਾਲ ਜੇਲ ਕੱਟ ਚੁੱਕਾ ਹੈ, ਸਗੋਂ ਇਹ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਵੀ ਜੁੜਿਆ ਹੋਇਆ ਹੈ। ਕੇਂਦਰ ਸਰਕਾਰ ਦੇ ਫੈਸਲੇ ਨਾਲ ਉਸ ਦੇ ਪਰਿਵਾਰ ਨੇ ਹੀ ਨਹੀਂ, ਸਗੋਂ ਸਿੱਖ ਕੌਮ ਨੇ ਵੀ ਰਾਹਤ ਮਹਿਸੂਸ ਕੀਤੀ ਹੈ। ਪ੍ਰੋ. ਸਰਚਾਂਦ ਸਿੰਘ ਵਲੋਂ ਜਾਰੀ ਬਿਆਨ 'ਚ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਦੇਸ਼ 'ਚ ਇਕ ਚੰਗਾ ਮਾਹੌਲ ਸਿਰਜਣ ਲਈ ਸਿੱਖ ਭਾਈਚਾਰੇ ਵੱਲੋਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਮੰਗਾਂ ਪ੍ਰਤੀ ਕੇਂਦਰ ਵੱਲੋਂ ਸਾਰਥਿਕ ਪਹੁੰਚ ਅਪਣਾਉਂਦਿਆਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਮਾਨਵੀ ਅਤੇ ਸਦਭਾਵਨਾ ਪੱਖੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਬਦਲੀ ਜਾਂਦੀ ਹੈ ਅਤੇ 8 ਹੋਰ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਂਦੀ ਹੈ ਤਾਂ ਇਸ ਨਾਲ ਦੇਸ਼ ਅਤੇ ਰਾਜ ਦੇ ਮਾਹੌਲ 'ਤੇ ਚੰਗਾ ਅਸਰ ਦੇਖਣ ਨੂੰ ਮਿਲੇਗਾ। ਇਸ ਨਾਲ ਪੰਜਾਬ ਜਾਂ ਮੁਲਕ ਦੀ ਅਮਨ-ਸ਼ਾਂਤੀ ਨੂੰ ਕੋਈ ਖਤਰਾ ਜਾਂ ਨੁਕਸਾਨ ਨਹੀਂ ਹੋਵੇਗਾ।


Baljeet Kaur

Content Editor

Related News