ਬਹਿਲੋਲਪੁਰ ''ਚ ਪਾਵਨ ਸਰੂਪ ਅਗਨ ਭੇਟ ਹੋਣ ''ਤੇ ਭਾਈ ਲੌਂਗੋਵਾਲ ਨੇ ਪ੍ਰਗਟਾਇਆ ਅਫਸੋਸ
Sunday, Aug 25, 2019 - 09:32 AM (IST)
ਅੰਮ੍ਰਿਤਸਰ (ਦੀਪਕ) : ਗੁਰਦਾਸਪੁਰ ਜ਼ਿਲੇ ਦੇ ਪਿੰਡ ਬਹਿਲੋਲਪੁਰ ਦੇ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਗਰਮੀਆਂ ਦੇ ਮੌਸਮ ਦੌਰਾਨ ਗੁਰੂ ਘਰਾਂ 'ਚ ਸ਼ਾਰਟ ਸਰਕਟ ਹੋਣ ਕਾਰਨ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਬਹੁਤ ਨੁਕਸਾਨ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਵਾਰ-ਵਾਰ ਸੰਗਤਾਂ ਨੂੰ ਅਪੀਲ ਕਰਨ ਦੇ ਬਾਵਜੂਦ ਬਿਜਲੀ ਉਪਕਰਨਾਂ ਦੁਆਰਾ ਗੁਰੂ ਘਰਾਂ 'ਚ ਅੱਗ ਲੱਗਣ ਦੀਆਂ ਵਾਪਰ ਰਹੀਆਂ ਦੁਖਦਾਈ ਘਟਨਾਵਾਂ ਚਿੰਤਾਜਨਕ ਹਨ, ਜਿਨ੍ਹਾਂ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਵਲੋਂ ਵਾਰ-ਵਾਰ ਅਖਬਾਰਾਂ 'ਚ ਇਸ਼ਤਿਹਾਰ ਦੇ ਕੇ ਗੁਰਦੁਆਰਾ ਕਮੇਟੀਆਂ, ਸਿੰਘ ਸਭਾਵਾਂ ਤੇ ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਪਰ ਦੁਖਦਾਈ ਗੱਲ ਇਹ ਹੈ ਕਿ ਗੁਰੂ ਘਰਾਂ ਦੇ ਪ੍ਰਬੰਧਕ ਬਿਲਕੁਲ ਅਵੇਸਲੇ ਹੋਏ ਪਏ ਹਨ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਲੋੜ ਸਮੇਂ ਹੀ ਬਿਜਲੀ ਉਪਕਰਨ ਚਲਾਏ ਜਾਣ ਅਤੇ ਰਾਤ ਸਮੇਂ ਬਿਜਲੀ ਦੀ ਸਮੁੱਚੀ ਸਪਲਾਈ ਬੰਦ ਰੱਖੀ ਜਾਵੇ।