ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

10/31/2019 4:51:40 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਜੂਨ 1984 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਸਮੇਂ ਦੀ ਕੇਂਦਰ ਸਰਕਾਰ ਵਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ 'ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ
ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਪਾਵਨ ਹੁਕਮਨਾਮਾ ਸਰਵਣ ਕਰਵਾਉਣ ਤੋਂ ਬਾਅਦ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਿਹਾ ਕਿ ਸਮੇਂ ਦੀ ਹਕੂਮਤ ਵਲੋਂ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨੂੰ ਸਿੱਖ ਕੌਮ ਕਦੀ ਭੁਲਾ ਨਹੀਂ ਸਕਦੀ। ਉਨ੍ਹਾਂ ਸ਼ਹੀਦ ਭਾਈ ਬੇਅੰਤ ਸਿੰਘ ਸਮੇਤ ਹੋਰ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੰ੍ਰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਪਰਿਵਾਰ ਲਈ ਸਿਰੋਪਾਓ ਭੇਟ ਕੀਤੇ। ਇਸ ਮੌਕੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਮੀਤ ਮੈਨੇਜਰ ਜਸਪਾਲ ਸਿੰਘ ਢੱਡੇ ਤੋਂ ਇਲਾਵਾ ਭਾਈ ਕੰਵਲਪਾਲ ਸਿੰਘ, ਮਨਜੀਤ ਸਿੰਘ ਭੋਮਾ, ਵੱਸਣ ਸਿੰਘ, ਸਤਨਾਮ ਸਿੰਘ ਆਦਿ ਮੌਜੂਦ ਸਨ।


Baljeet Kaur

Content Editor

Related News