ਜਥੇਦਾਰ ਨਿਯੁਕਤ ਹੋਣ ''ਤੇ ਭਾਈ ਲੌਂਗੋਵਾਲ ਨੇ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦਿੱਤੀ ਵਧਾਈ

Monday, Sep 09, 2019 - 06:14 PM (IST)

ਜਥੇਦਾਰ ਨਿਯੁਕਤ ਹੋਣ ''ਤੇ ਭਾਈ ਲੌਂਗੋਵਾਲ ਨੇ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦਿੱਤੀ ਵਧਾਈ

ਅੰਮ੍ਰਿਤਸਰ (ਦੀਪਕ) : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ ਹੋਣ 'ਤੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਸੇਵਾ ਸੰਭਾਲ ਲਈ ਹੈ। ਉਨ੍ਹਾਂ ਦੇ ਸੇਵਾ ਸੰਭਾਲ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖਸ਼ਿਸ਼ ਸਿਰਪਾਓ ਭੇਟ ਕੀਤਾ।

ਇਸ ਮੌਕੇ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ 'ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ, ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਭਾਈ ਰਾਮ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਤੋਂ ਬਾਬਾ ਰਾਜਿੰਦਰ ਸਿੰਘ, ਚੀਫ ਖਾਲਸਾ ਦੀਵਾਨ ਤੋਂ ਸਵਿੰਦਰ ਸਿੰਘ ਰੁਮਾਲਿਆਂ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਘਾਲਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਵ-ਨਿਯੁਕਤ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਕੌਮ ਦੀ ਇਹ ਵੱਡੀ ਜ਼ਿੰਮੇਵਾਰੀ ਮਿਲਣੀ ਗੁਰੂ ਸਾਹਿਬ ਦੀ ਕਿਰਪਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਗਿਆਨੀ ਗੌਹਰ ਦੀਆਂ ਸੇਵਾਵਾਂ ਅਹਿਮ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ 'ਚ ਗਿਆਨੀ ਰਣਜੀਤ ਸਿੰਘ ਗੌਹਰ ਦਾ ਅਹਿਮ ਯੋਗਦਾਨ ਹੈ ਅਤੇ ਗਿਆਨੀ ਸੰਤ ਸਿੰਘ ਮਸਕੀਨ ਜੀ ਤੋਂ ਬਾਅਦ ਉਨ੍ਹਾਂ ਵਲੋਂ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਵਿਚ ਕਥਾ ਵੀ ਜ਼ੁੰਮੇਵਾਰੀ ਨਿਰੰਤਰ ਨਿਭਾਈ ਜਾ ਰਹੀ ਹੈ। ਭਾਈ ਲੌਂਗੋਵਾਲ ਨੇ ਆਸ ਪ੍ਰਗਟਾਈ ਕਿ ਗਿਆਨੀ ਗੌਹਰ ਗੁਰੂ ਸਾਹਿਬ ਦੀ ਬਖਸ਼ਿਸ਼ ਨਾਲ ਸਿੱਖੀ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨਗੇ ਅਤੇ ਪੰਥਕ ਮਾਮਲਿਆਂ ਸਬੰਧੀ ਬਣਦੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ।


author

Baljeet Kaur

Content Editor

Related News