ਭਾਈ ਲੌਂਗੋਵਾਲ ਨੇ ਪੰਚਾਇਤੀ ਚੋਣਾਂ ਦਸੰਬਰ ''ਚ ਨਾ ਕਰਵਾਉਣ ਦੀ ਪੰਜਾਬ ਸਰਕਾਰ ਨੂੰ ਕੀਤੀ ਅਪੀਲ

12/06/2018 9:51:22 AM

ਅੰਮ੍ਰਿਤਸਰ (ਦੀਪਕ)  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ 'ਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਇਕ ਪੱਤਰ ਵੀ ਲਿਖਿਆ ਗਿਆ ਹੈ। ਇਸ ਬਾਰੇ ਭਾਈ ਲੌਂਗੋਵਾਲ ਨੇ ਜਾਰੀ ਇਕ ਬਿਆਨ 'ਚ ਕਿਹਾ ਹੈ ਕਿ ਦਸੰਬਰ ਮਹੀਨਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਸਮੇਤ ਮਾਤਾ ਗੁਜਰੀ ਜੀ ਅਤੇ ਅਨੇਕਾਂ ਗੁਰਸਿੱਖਾਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਹੈ। ਇਸ ਮਹੀਨੇ ਨਾਲ ਸਮੁੱਚੀ ਸਿੱਖ ਕੌਮ ਦੀਆਂ ਵੈਰਾਗਮਈ ਭਾਵਨਾਵਾਂ ਜੁੜੀਆਂ ਹੋਈਆਂ ਹਨ। ਜਦੋਂ ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਸਮੁੱਚੀ ਕੌਮ ਵੱਲੋਂ ਸ਼ਰਧਾ ਤੇ ਵੈਰਾਗ ਦੀ ਭਾਵਨਾ ਨਾਲ ਮਨਾਇਆ ਜਾਂਦਾ ਹੈ ਤਾਂ ਉਸ ਸਮੇਂ ਪੰਜਾਬ ਦੇ ਪਿੰਡਾਂ 'ਚ ਪੰਚਾਇਤੀ ਚੋਣਾਂ ਕਰਵਾਉਣੀਆਂ ਠੀਕ ਨਹੀਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਨਹੀਂ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਕਿਹੋ-ਜਿਹਾ ਮਾਹੌਲ ਹੁੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਅੱਗੇ ਪਾ ਦਿੱਤੀਆਂ ਜਾਣ ਤਾਂ ਜੋ ਸਮੁੱਚਾ ਸਿੱਖ ਜਗਤ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਮਹਾਨ ਸ਼ਹੀਦਾਂ ਨੂੰ ਸ਼ਹੀਦੀ ਹਫ਼ਤੇ ਦੀ ਵੈਰਾਗਮਈ ਭਾਵਨਾ ਅਨੁਸਾਰ ਸ਼ਰਧਾ ਤੇ ਸਤਿਕਾਰ ਭੇਟ ਕਰ ਸਕਣ।

ਸਿੱਖ ਕਤਲੇਆਮ ਸਬੰਧੀ ਸੁਪਰੀਮ ਕੋਰਟ ਵੱਲੋਂ ਐੱਸ. ਆਈ. ਟੀ. ਗਠਿਤ ਕਰਨ ਦਾ ਫੈਸਲਾ ਸ਼ਲਾਘਾਯੋਗ
1984 'ਚ ਵਾਪਰੇ ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ 2 ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਸਿੱਖ ਜਗਤ ਲਈ ਕਦੇ ਨਾ ਭੁਲਾਇਆ ਜਾਣ ਵਾਲਾ ਕਾਂਡ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਕੌਮ ਵੱਲੋਂ ਪਿਛਲੇ 34 ਸਾਲਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਤੇ ਇਸ ਸਬੰਧ 'ਚ ਸੁਪਰੀਮ ਕੋਰਟ ਵੱਲੋਂ ਐੱਸ. ਆਈ. ਟੀ. ਬਣਾਉਣ ਦਾ ਤਾਜ਼ਾ ਫੈਸਲਾ ਸਵਾਗਤਯੋਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਇਸ ਫੈਸਲੇ ਨਾਲ ਬੰਦ ਕੀਤੇ ਜਾ ਚੁੱਕੇ ਕੇਸਾਂ ਨੂੰ ਮੁੜ ਜਾਂਚ ਦੇ ਘੇਰੇ ਵਿਚ ਲਿਆਂਦਾ ਜਾ ਸਕੇਗਾ।


Baljeet Kaur

Content Editor

Related News