ਅਮਰੀਕਾ ’ਚ ਸਿੱਖ ਦੀ ਹੱਤਿਆ ਮੰਦਭਾਗਾ : ਭਾਈ ਲੌਂਗੋਵਾਲ
Thursday, Aug 29, 2019 - 05:28 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਮਰੀਕਾ ਦੇ ਕੈਲੀਫੋਰਨੀਆ ’ਚ ਇਕ ਬਜ਼ੁਰਗ ਸਿੱਖ ਦੀ ਚਾਕੂ ਮਾਰ ਕੇ ਕੀਤੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਅਤੇ ਹਰ ਇਕ ਨਾਲ ਮਿਲਵਰਤਨ ਰੱਖਣ ਵਾਲੀ ਸਿੱਖ ਕੌਮ ’ਤੇ ਅਜਿਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ ਹਨ, ਜਿਸ ਨੂੰ ਰੋਕਣ ਲਈ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ’ਤੇ ਰੋਕ ਲਗਾਉਣ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਸੈਰ ਕਰ ਰਹੇ 64 ਸਾਲਾ ਬਜ਼ੁਰਗ ਪਰਮਜੀਤ ਸਿੰਘ ’ਤੇ ਚਾਕੂ ਨਾਲ ਸ਼ਰੇਆਮ ਹਮਲਾ ਕਰਨਾ ਵਿਦੇਸ਼ਾਂ ਅੰਦਰ ਸਿੱਖਾਂ ਦੀ ਅਸੁਰੱਖਿਆ ਨੂੰ ਪ੍ਰਗਟ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਮਲਿਆਂ ਨਾਲ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਨੂੰ ਯਕੀਨਨ ਬੇਚੈਨੀ ਅਤੇ ਡਰ ’ਚੋਂ ਲੰਘਣਾ ਪੈਂਦਾ ਹੈ ਅਤੇ ਇਸ ਨਾਲ ਉਨ੍ਹਾਂ ਦਾ ਕੰਮ-ਕਾਰ ਵੀ ਪ੍ਰਭਾਵਿਤ ਹੁੰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਇਸ ਘਟਨਾ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਤੱਕ ਪਹੁੰਚਾਉਣ ਲਈ ਬਣਦੀ ਕਾਰਵਾਈ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਜਨਰਲ ਇਜਲਾਸਾਂ ਦੌਰਾਨ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਹੁੰਦਾ ਨਸਲੀ ਹਮਲਿਆਂ ਨੂੰ ਰੋਕਣ ਲਈ ਕਈ ਵਾਰ ਭਾਰਤ ਸਰਕਾਰ ਨੂੰ ਅਪੀਲ ਕਰ ਚੁੱਕੀ ਹੈ ਅਤੇ ਇਸ ਦੀ ਕਾਰਵਾਈ ਵੀ ਵਿਦੇਸ਼ ਮੰਤਰਾਲੇ ਨੂੰ ਭੇਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਦੇਸ਼ ਦੁਨੀਆਂ ਅੰਦਰ ਆਪਣੇ ਸਖਤ ਮਿਹਨਤ ਵਾਲੇ ਸੁਭਾਅ ਕਾਰਨ ਜਾਣੇ ਜਾਂਦੇ ਹਨ ਅਤੇ ਇਨ੍ਹਾਂ ਨੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ’ਚ ਵੱਡਮੁੱਲੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮਿਹਨਤਕਸ਼ ਅਤੇ ਮਿਲਵਰਤਨ ਵਾਲੀ ਕੌਮ ਨੂੰ ਨਫਰਤੀ ਚੁਣੌਤੀਆਂ ’ਚੋਂ ਕੱਢਣ ਲਈ ਭਾਰਤ ਸਰਕਾਰ ਨੂੰ ਚੇਤੰਨ ਰੋਲ ਨਿਭਾਉਣਾ ਚਾਹੀਦਾ ਹੈ ਅਤੇ ਇਹ ਕਾਰਜ ਪਹਿਲ ਦੇ ਅਧਾਰ ’ਤੇ ਹੋਵੇ।