ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਲਾਹੇਵੰਦ ਗੱਲਬਾਤ ਦੀ ਆਸ : ਕੈਪਟਨ

02/11/2018 10:57:17 AM

ਅੰਮ੍ਰਿਤਸਰ (ਵਾਲੀਆ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਦੌਰੇ 'ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਲਾਹੇਵੰਦ ਗੱਲਬਾਤ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕੈਨੇਡਾ ਦੇ 2 ਮੰਤਰੀਆਂ ਵੱਲੋਂ ਖਾਲਿਸਤਾਨੀ ਲਹਿਰ ਨਾਲ ਕੋਈ ਸਬੰਧ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਸੰਭਵ ਹੋਇਆ ਹੈ।
ਅੱਜ ਨਾਰਾਇਣਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ 'ਚ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਅਤੇ ਮੁੱਢਲਾ ਢਾਂਚਾ ਮੰਤਰੀ ਅਮਰਜੀਤ ਸਿੰਘ ਸੋਹੀ ਵੱਲੋਂ ਖਾਲਿਸਤਾਨ ਦੇ ਮੁੱਦੇ 'ਤੇ ਦਿੱਤੇ ਸਪੱਸ਼ਟੀਕਰਨ ਤੋਂ ਬਾਅਦ ਆਸ ਬਣੀ ਹੈ ਕਿ ਜਸਟਿਨ ਟਰੂਡੋ ਨਾਲ ਪੰਜਾਬ ਤੇ ਕੈਨੇਡਾ ਦੇ ਉਸਾਰੂ ਸਬੰਧਾਂ ਬਾਰੇ ਲਾਹੇਵੰਦ ਗੱਲਬਾਤ ਹੋ ਸਕੇਗੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਸੱਜਣ ਤੇ ਸੋਹੀ ਵੱਲੋਂ ਦਿੱਤੇ ਬਿਆਨ ਦਾ ਸਵਾਗਤ ਕਰ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸੁਖਾਵਾਂ ਮਾਹੌਲ ਸਿਰਜਣ ਲਈ ਵਧਾਈ ਦੇ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੱਜਣ ਅਤੇ ਸੋਹੀ ਵੱਲੋਂ ਦਿੱਤੇ ਬਿਆਨ ਕਿ ਉਹ ਕਦੇ ਵੀ ਖਾਲਿਸਤਾਨ ਦੇ ਹਮਾਇਤੀ ਨਹੀਂ ਰਹੇ, ਨੇ ਸਪੱਸ਼ਟ ਕੀਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਆਪਣੀ ਧਰਤੀ ਤੋਂ ਭਾਰਤ ਵਿਰੋਧੀ ਕਾਰਵਾਈਆਂ ਕਰਨ ਦੀ ਆਗਿਆ ਕਦੇ ਨਹੀਂ ਦੇਣਗੇ।