ਗ੍ਰੰਥੀ ਸਿੰਘ ਸੰਗਤਾਂ ਤੇ ਖਾਸ ਤੌਰ ''ਤੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਉੱਦਮ ਕਰਨ : ਗਿ. ਗੁਰਬਚਨ ਸਿੰਘ

07/06/2018 2:18:35 AM

ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ (ਪਵਨ ਤਨੇਜਾ, ਦੀਪਕ) : ਸਥਾਨਕ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਪਾਠ ਬੋਧ ਸਮਾਗਮ ਦੀ ਸਮਾਪਤੀ 'ਤੇ ਅੱਜ ਧਾਰਮਿਕ ਸਮਾਰੋਹ ਕਰਵਾਏ ਗਏ। ਵੱਡੀ ਗਿਣਤੀ 'ਚ ਪਾਠ ਸੰਥਿਆ ਪ੍ਰਾਪਤ ਪਾਠੀ ਸਿੰਘਾਂ ਦਾ ਇਸ ਦੌਰਾਨ ਸਨਮਾਨ ਕੀਤਾ ਗਿਆ। 
ਵਰਨਣਯੋਗ ਹੈ ਕਿ ਇਥੇ ਇਨ੍ਹਾਂ ਸਮਾਗਮਾਂ ਦੌਰਾਨ ਗ੍ਰੰਥੀ ਸਿੰਘਾਂ ਨੂੰ ਗੁਰਬਾਣੀ ਪਾਠ ਦੀ ਸੰਥਿਆ ਦਿੱਤੀ ਗਈੇ। ਸਮਾਪਤੀ ਸਮਾਰੋਹ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸਿੱਖ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਕਰੀਬ 1 ਮਹੀਨਾ ਚਾਰ ਦਿਨ ਚੱਲੇ ਇਸ ਸਮਾਗਮ ਦੌਰਾਨ ਜਿੱਥੇ ਵੱਖ-ਵੱਖ ਸਿੱਖ ਵਿਦਵਾਨਾਂ ਨੇ ਗ੍ਰੰਥੀ ਸਿੰਘਾਂ ਨੂੰ ਗੁਰਬਾਣੀ ਦੀ ਸੰਥਿਆ ਦਿੱਤੀ। ਉਥੇ ਸਿੱਖ ਰਹਿਤ ਮਰਿਯਾਦਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਗੰ੍ਰਥੀ ਸਿੰਘਾਂ ਨੂੰ ਘਰ ਘਰ ਜਾ ਕੇ ਪ੍ਰਚਾਰ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਮਾਜਿਕ ਕੁਰੀਤੀਆਂ ਦੇ ਖਾਤਮੇ ਵਿਚ ਗੰ੍ਰਥੀ ਸਿੰਘ ਅਹਿਮ ਯੋਗਦਾਨ ਪਾ ਸਕਦੇ ਹਨ। ਸਮਾਗਮ ਵਿਚ ਲਗਾਤਾਰ ਇੱਕ ਮਹੀਨਾ ਸੰਥਿਆ ਲੈਣ ਵਾਲੇ 325 ਗ੍ਰੰਥੀ ਸਿੰਘਾਂ ਨੂੰ ਸਨਮਾਨਿਤ ਕੀਤਾ ਗਿਆ। 
ਇਸ ਮੌਕੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਪਾਠ ਬੋਧ ਸਮਾਗਮ ਇਕ ਵਧੀਆ ਉਦਮ ਹੈ ਅਤੇ ਗ੍ਰੰਥੀ ਸਿੰਘ ਗੁਰਬਾਣੀ ਅਤੇ ਇਤਿਹਾਸ ਤੋਂ ਇਲਾਵਾ ਸਿੱਖ ਰਹਿਤ ਮਰਿਯਾਦਾ ਸਬੰਧੀ ਵੀ ਪੂਰੀ ਜਾਣਕਾਰੀ ਹਾਸਿਲ ਕਰ ਰਹੇ ਹਨ।  ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਿੰਡਾਂ ਦੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਦੇ ਪਾਠ ਬੋਧ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਉਪਰਾਲੇ ਨੂੰ ਸਮੇਂ ਦੀ ਲੋੜ ਦੱਸਿਆ ਅਤੇ ਹਰ ਗ੍ਰੰਥੀ ਅਖੰਡਪਾਠੀ ਨੂੰ ਇਸ ਲਹਿਰ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦੇ ਗੁੱਝੇ ਭੇਦਾਂ ਨੂੰ ਸਮਝਣ ਲਈ ਗੁਰਬਾਣੀ ਦਾ ਸ਼ੁੱਧ ਉਚਾਰਣ ਅਤਿ ਜ਼ਰੂਰੀ ਹੈ।