ਕੋਰੋਨਾ ਵਾਇਰਸ : SGPC ਸਰਬੱਤ ਦੇ ਭਲੇ ਲਈ ਗੁਰਦੁਆਰਿਆਂ ''ਚ ਕਰਵਾਏਗੀ ਸ੍ਰੀ ਅਖੰਡ ਪਾਠ ਸਾਹਿਬ

Monday, Mar 16, 2020 - 05:14 PM (IST)

ਕੋਰੋਨਾ ਵਾਇਰਸ : SGPC ਸਰਬੱਤ ਦੇ ਭਲੇ ਲਈ ਗੁਰਦੁਆਰਿਆਂ ''ਚ ਕਰਵਾਏਗੀ ਸ੍ਰੀ ਅਖੰਡ ਪਾਠ ਸਾਹਿਬ

ਅੰਮ੍ਰਿਤਸਰ (ਦੀਪਕ ਸ਼ਰਮਾ) : ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ ਮਗਰੋਂ ਮਨੁੱਖਤਾ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ 17 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਹੋਣਗੇ ਅਤੇ ਭੋਗ 19 ਮਾਰਚ ਨੂੰ ਪਾਏ ਜਾਣਗੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਿੱਖ ਕੌਮ ਸਮੁੱਚੀ ਮਨੁੱਖਤਾ ਦਾ ਭਲਾ ਮੰਗਦੀ ਹੈ ਅਤੇ ਵਰਤਮਾਨ ਸੰਕਟ ਤੋਂ ਮਾਨਵਤਾ ਨੂੰ ਬਚਾਉਣ ਲਈ ਗੁਰੂ ਸਾਹਿਬ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਰੂਪ 'ਚ ਅਰਦਾਸ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਹਾਮਾਰੀ ਤੋਂ ਬਚਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪ੍ਰਬੰਧਕੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਨੂੰ ਪ੍ਰੇਰਣਾ ਕਰਨ ਲਈ ਪ੍ਰਵੇਸ਼ ਦੁਆਰਾ 'ਤੇ ਸੇਵਾਦਾਰ ਸਾਵਧਾਨੀ ਵਰਤਨ ਲਈ ਬੇਨਤੀ ਕਰਨਗੇ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਤੋਂ ਪਹਿਲਾਂ ਹੱਥ ਧੋਣ ਵਾਲੇ ਸਥਾਨਾਂ 'ਤੇ ਤੋਲੀਏ ਹਟਾ ਕੇ ਨੈਪਕਿੰਨ ਲਾਜ਼ਮੀ ਕਰਨ ਲਈ ਕਿਹਾ ਗਿਆ ਹੈ। ਨਾਲ ਹੀ ਡਸਟਬੀਨ ਲਗਾਏ ਜਾਣਗੇ ਤਾਂ ਜੋ ਇਕ ਵਾਰ ਹੱਥ ਸਾਫ ਕਰਨ ਮਗਰੋਂ ਵਰਤੇ ਗਏ ਪੇਪਰ ਉਸ 'ਚ ਪਾਏ ਜਾ ਸਕਣ।

ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਸਾਫ਼-ਸਫ਼ਾਈ ਦਾ ਉੱਚੇਚਾ ਧਿਆਨ ਰੱਖਣ ਦੇ ਨਾਲ-ਨਾਲ ਸੈਨੇਟਾਈਜ਼ਰ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਸਪੈਸ਼ਲ ਵਾਰਡ ਵੀ ਰਾਖਵੀਂ ਕੀਤੀ ਗਈ ਹੈ ਤਾਂ ਜੋ ਮਨੁੱਖੀ ਭਲਾਈ ਲਈ ਕਾਰਜ ਕੀਤੇ ਜਾ ਸਕਣ। ਭਾਈ ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵਲੋਂ ਸੁਝਾਈਆਂ ਜਾ ਰਹੀਆਂ ਸਾਵਧਾਨੀਆਂ ਨੂੰ ਅਪਨਾਉਣ।


author

Baljeet Kaur

Content Editor

Related News