ਕਰਾਸ ਕੇਸ ਰੱਦ ਨਾ ਕੀਤਾ ਤਾਂ ਪੈਦਾ ਹੋਣ ਵਾਲੇ ਹਾਲਾਤ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ : ਭਾਈ ਲੌਂਗੋਵਾਲ

10/31/2020 10:03:44 AM

ਚੰਡੀਗੜ੍ਹ/ਅੰਮ੍ਰਿਤਸਰ (ਅਸ਼ਵਨੀ, ਦੀਪਕ): ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਾਹਮਣੇ ਧਰਨਾ ਲਗਾ ਕੇ ਬੈਠੇ ਵਿਅਕਤੀਆਂ ਵਲੋਂ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ 'ਤੇ ਕੀਤੇ ਗਏ ਕਾਤਲਾਨਾ ਹਮਲੇ ਮਗਰੋਂ ਉਲਟਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ 'ਤੇ ਕਰਵਾਇਆ ਗਿਆ ਕਰਾਸ ਕੇਸ ਰੱਦ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਦੇਣ ਗਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਵੱਡੀ ਗਿਣਤੀ ਮੈਂਬਰਾਂ ਵਲੋਂ ਕੁਝ ਸਮੇਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਲਾ ਦਿੱਤਾ ਗਿਆ।

ਇਹ ਵੀ ਪੜ੍ਹੋ : ਖ਼ੌਫ਼ਨਾਕ ਵਾਰਦਾਤ: ਅਣਖ ਖਾਤਰ ਭਰਾ ਨੇ ਬੇਲਚਾ ਨਾਲ ਵੱਢੀ ਭੈਣ

ਸ਼੍ਰੋਮਣੀ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪੁੱਜੇ ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਬੀਤੇ ਦਿਨੀਂ ਅਖੌਤੀ ਸਤਿਕਾਰ ਕਮੇਟੀ ਦੇ ਜਿਨ੍ਹਾਂ ਵਿਅਕਤੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ 'ਤੇ ਕਾਤਲਾਨਾ ਹਮਲਾ ਕਰ ਕੇ ਮੁਲਾਜ਼ਮਾਂ ਨੂੰ ਗੰਭੀਰ ਜ਼ਖ਼ਮੀ ਕੀਤਾ ਸੀ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਕ ਪਾਸੇ ਇਨ੍ਹਾਂ ਲੋਕਾਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਮੁੱਖ ਦਰਵਾਜ਼ੇ ਨੂੰ ਤਾਲੇ ਲਾ ਕੇ ਦੁਪਹਿਰ ਸਮੇਂ ਲੰਗਰ ਛਕਣ ਜਾ ਰਹੇ ਮੁਲਾਜ਼ਮਾਂ ਲਈ ਮੰਦੀ ਭਾਸ਼ਾ ਵਰਤੀ ਅਤੇ ਇਸ ਮਗਰੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਜਿਨ੍ਹਾਂ ਲੋਕਾਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਪਰਚਾ ਦਰਜ ਕਰਵਾਇਆ ਗਿਆ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਖੁੱਲ੍ਹੇਆਮ ਵਿਚਰਨ ਦਿੱਤਾ ਜਾ ਰਿਹਾ ਹੈ। ਇਸ ਤੋਂ ਵੱਡੀ ਤਰਾਸਦੀ ਹੋਰ ਕੀ ਹੋ ਸਕਦੀ ਹੈ ਕਿ ਇਹ ਲੋਕ ਪੁਲਸ ਕਮਿਸ਼ਨਰ ਅਤੇ ਹੋਰ ਆਲ੍ਹਾ ਪੁਲਸ ਅਧਿਕਾਰੀਆਂ ਨੂੰ ਸ਼ਰੇਆਮ ਮਿਲ ਰਹੇ ਹਨ ਪਰ ਇਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਰਹੀ। ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਤੋਂ ਸਾਫ਼ ਪ੍ਰਗਟ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ 'ਚ ਰੈਫਰੰਡਮ-2020 ਦਾ ਲੱਗਿਆ ਪੋਸਟਰ

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਤੇ ਮੰਗ-ਪੱਤਰ 'ਚ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ 'ਤੇ ਕੀਤਾ ਗਿਆ ਕਰਾਸ ਪਰਚਾ ਤੁਰੰਤ ਰੱਦ ਕੀਤਾ ਜਾਵੇ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲੇ ਅਖੌਤੀ ਸਤਿਕਾਰ ਕਮੇਟੀ ਦੇ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਬਣੇ ਮਾਹੌਲ ਦੀ ਜ਼ਿੰਮੇਵਾਰੀ ਪੰਜਾਬ ਦੀ ਕਾਂਗਰਸ ਸਰਕਾਰ ਦੀ ਹੋਵੇਗੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਓ. ਐੱਸ. ਡੀ. ਅੰਕਿਤ ਬਾਂਸਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਾਸੋਂ ਮੰਗ-ਪੱਤਰ ਪ੍ਰਾਪਤ ਕਰ ਕੇ ਕਿਹਾ ਕਿ ਉਹ ਇਸ ਨੂੰ ਮੁੱਖ ਮੰਤਰੀ ਨੂੰ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27-ਬੀ ਵਿਖੇ ਇਕ ਭਰਵੀਂ ਇਕੱਤਰਤਾ ਕਰ ਕੇ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪ੍ਰਤੀਨਿਧ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਚੱਲੀਆਂ ਜਾ ਰਹੀਆਂ ਚਾਲਾਂ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਅਜਿਹੇ ਵਰਤਾਰੇ ਤੋਂ ਬਾਜ਼ ਆਉਣ ਦੀ ਤਾੜਨਾ ਵੀ ਕੀਤੀ।
 

Baljeet Kaur

This news is Content Editor Baljeet Kaur