ਕੇਂਦਰ ਤੇ ਸੂਬਾ ਸਰਕਾਰ ਦੀ ਸਰਪ੍ਰਸਤੀ ''ਚ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਿੱਸਾ ਨਹੀਂ ਬਣਾਂਗੇ : ਦਲ ਖਾਲਸਾ

Monday, Jul 15, 2019 - 11:12 AM (IST)

ਕੇਂਦਰ ਤੇ ਸੂਬਾ ਸਰਕਾਰ ਦੀ ਸਰਪ੍ਰਸਤੀ ''ਚ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਿੱਸਾ ਨਹੀਂ ਬਣਾਂਗੇ : ਦਲ ਖਾਲਸਾ

ਚੰਡੀਗੜ੍ਹ/ਅੰਮ੍ਰਿਤਸਰ (ਬਿਊਰੋ) : ਦਲ ਖਾਲਸਾ ਨੇ ਭਾਰਤ ਵਲੋਂ 'ਸਿੱਖਸ ਫਾਰ ਜਸਟਿਸ' 'ਤੇ ਲਾਈ ਪਾਬੰਦੀ ਨੂੰ ਮੋਦੀ ਹਕੂਮਤ ਦਾ ਬੇਤੁਕਾ ਅਤੇ ਬੌਖਲਾਹਟ ਵਾਲਾ ਕਦਮ ਦੱਸਿਆ ਹੈ। ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ 'ਸਿੱਖਸ ਫਾਰ ਜਸਟਿਸ' ਦੀਆਂ ਪੰਜਾਬ ਜਾਂ ਭਾਰਤ ਅੰਦਰ ਸਰਗਰਮੀਆਂ ਨਾ-ਮਾਤਰ ਹਨ, ਅਜਿਹੇ 'ਚ ਸੰਗਠਨ 'ਤੇ ਪਾਬੰਦੀ ਲਾਉਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਸੁਪਰੀਮ ਕੋਰਟ ਵਲੋਂ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ 'ਤੇ ਦਿੱਤੇ ਗਏ ਹੁਕਮ ਦਾ ਜਾਇਜ਼ਾ ਲੈਣ, ਅਗਸਤ 'ਚ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਉਸਾਰੂ ਬਦਲਾਅ ਲਿਆਉਣ ਅਤੇ ਨਵੰਬਰ 'ਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਪਾਰਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ। ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਵਿਚਾਰਧਾਰਾ ਅਤੇ ਸਿੱਖਿਆ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕਰਨ ਲਈ ਕਾਨਫਰੰਸ ਦਾ ਆਯੋਜਨ ਕੀਤਾ ਜਾਵੇਗਾ, ਜਿਸ 'ਚ ਪੰਜਾਬ ਅਤੇ ਪੰਜਾਬ ਤੋਂ ਬਾਹਰੋਂ ਵਿਸ਼ੇ ਦੇ ਮਾਹਿਰ ਵਿਦਵਾਨਾਂ ਨੂੰ ਸੱਦਾ ਦਿੱਤਾ ਜਾਵੇਗਾ। ਤਰੀਕ ਅਤੇ ਸਥਾਨ ਦਾ ਫੈਸਲਾ, ਦੂਜੀਆਂ ਹਮ-ਖਿਆਲੀ ਜਥੇਬੰਦੀਆਂ ਨਾਲ ਸਲਾਹ-ਮਸ਼ਵਰਾ ਕਰਕੇ ਤੈਅ ਕੀਤਾ ਜਾਵੇਗਾ। ਇਸੇ ਤਰ੍ਹਾਂ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਿਕਲਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਜਾਵੇਗੀ।

ਜਥੇਬੰਦੀ ਦੇ ਆਗੂਆਂ ਨੇ ਆਪਣੀ ਗੱਲ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਅਜਿਹੇ ਸਮਾਗਮ ਦਾ ਹਿੱਸਾ ਨਹੀਂ ਬਣਨਗੇ, ਜੋ ਕੇਂਦਰ ਅਤੇ ਸੂਬਾ ਸਰਕਾਰ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤਾ ਜਾਵੇਗਾ ਅਤੇ ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਕਰਨਗੇ। ਗ਼ੈਰ-ਰਾਏਪੇਰੀਅਨ ਸੂਬਿਆਂ ਵਲੋਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਕੀਤੀ ਜਾ ਰਹੀ ਲੁੱਟ ਬਾਰੇ ਗੱਲ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਬੂੰਦ ਫਾਲਤੂ ਨਹੀਂ ਹੈ। ਸਤਲੁਜ-ਯਮਨਾ ਲਿੰਕ ਨਹਿਰ ਹੁਣ ਇਤਿਹਾਸ ਬਣ ਚੁੱਕੀ ਹੈ ਅਤੇ ਇਸ ਨੂੰ ਮੁੜ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਹ ਜੁਡੀਸ਼ਰੀ ਜਾਂ ਸਰਕਾਰ ਨੂੰ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਹੋਰ ਲੁੱਟ ਨਹੀਂ ਕਰਨ ਦੇਣਗੇ। ਮੀਟਿੰਗ 'ਚ ਸਾਬਕਾ ਪ੍ਰਧਾਨ ਸਤਨਾਮ ਸਿੰਘ ਪਾਉਂਟਾ ਸਾਹਿਬ, ਕੋਆਰਡੀਨੇਟਰ ਜਸਬੀਰ ਸਿੰਘ ਖੰਡੂਰ, ਉਪ-ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਅਮਰੀਕ ਸਿੰਘ ਈਸੜੂ, ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ, ਅਮਰੀਕ ਸਿੰਘ ਈਸੜੂ, ਸਕੱਤਰ ਰਣਵੀਰ ਸਿੰਘ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਸ਼ਾਮਲ ਸਨ।


author

Baljeet Kaur

Content Editor

Related News