ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦੇ ਚਲਾਣੇ ''ਤੇ ਭਾਈ ਲੌਂਗੋਵਾਲ ਵਲੋਂ ਅਫਸੋਸ ਪ੍ਰਗਟ

Wednesday, Sep 25, 2019 - 03:37 PM (IST)

ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦੇ ਚਲਾਣੇ ''ਤੇ ਭਾਈ ਲੌਂਗੋਵਾਲ ਵਲੋਂ ਅਫਸੋਸ ਪ੍ਰਗਟ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਗਏ। ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਮਾ ਸਮਾਂ ਗ੍ਰੰਥੀ ਅਤੇ ਫਿਰ ਮੁੱਖ ਗ੍ਰੰਥੀ ਵੀ ਰਹੇ। ਜਥੇਦਾਰ ਗਿਆਨੀ ਪੂਰਨ ਸਿੰਘ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸ ਤੋਂ ਇਲਾਵਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਮਹਿੰਦਰ ਸਿੰਘ ਆਹਲੀ ਤੇ ਅਵਤਾਰ ਸਿੰਘ ਸੈਂਪਲਾ ਨੇ ਵੀ ਸਿੰਘ ਸਾਹਿਬ ਦੇ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗਵਾਲ ਨੇ ਆਖਿਆ ਹੈ ਕਿ ਗਿਆਨੀ ਪੂਰਨ ਸਿੰਘ ਸਿੱਖ ਪੰਥ ਦੀ ਉੱਘੀ ਧਾਰਮਿਕ ਸ਼ਖਸੀਅਤ ਸਨ, ਜਿਨ੍ਹਾਂ ਦੇ ਚਲਾਣੇ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਗਿਆਨੀ ਪੂਰਨ ਸਿੰਘ ਨਮਿਤ ਸ਼ੋਕ ਇਕੱਤਰਤਾ ਕੀਤੀ ਗਈ। ਇਸ ਮੌਕੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਭੇਟ ਕਰਦਿਆਂ ਅਰਦਾਸ ਕੀਤੀ। ਸ਼ੌਕ ਇਕੱਤਰਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਗਿਆਨੀ ਪੂਰਨ ਸਿੰਘ ਨੂੰ ਨਾਮ ਸਿਮਰਨ ਦੇ ਰੰਗ 'ਚ ਰੰਗੀ ਰੂਹ ਆਖਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ, ਨਿਸ਼ਾਨ ਸਿੰਘ, ਕਰਮਬੀਰ ਸਿੰਘ ਕਿਆਮਪੁਰ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ ਹਾਜ਼ਰ ਸੀ। ਇਸੇ ਦੌਰਾਨ ਗਿਆਨੀ ਪੂਰਨ ਸਿੰਘ ਦੇ ਅਕਾਲ ਚਲਾਣੇ ਕਾਰਨ ਅਫਸੋਸ ਵਜੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰਹੇ।


author

Baljeet Kaur

Content Editor

Related News