ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ''ਚ ਲੈਂਦੀ ਹੈ ਪਹਿਲੇ ਪਾਤਿਸ਼ਾਹ ਜੀ ਦੀ ਵਿਚਾਰਧਾਰਾ : ਗਿਆਨੀ ਹਰਪ੍ਰੀਤ ਸਿੰਘ
Tuesday, Mar 19, 2019 - 10:28 AM (IST)
ਅੰਮ੍ਰਿਤਸਰ (ਦੀਪਕ) : ਜੈਪੁਰ ਵਿਖੇ ਸਥਿਤ ਯੂਨੀਵਰਸਿਟੀ ਆਫ਼ ਰਾਜਸਥਾਨ 'ਚ ਸਥਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਰਾਸ਼ਟਰੀ ਏਕਤਾ ਅਤੇ ਸਿੱਖ ਅਧਿਐਨ ਕੇਂਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।
ਇਹ ਸੈਮੀਨਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਇਆ। ਸੈਮੀਨਾਰ ਦੇ ਦੋ ਸੈਸ਼ਨਾਂ ਦੌਰਾਨ ਦੇਸ਼ ਭਰ ||'ਚੋਂ ਪਹੁੰਚੇ ਬੁਲਾਰਿਆਂ ਨੇ ਪਹਿਲੇ ਪਾਤਿਸ਼ਾਹ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਫਲਸਫੇ 'ਤੇ ਵਿਚਾਰ ਪੇਸ਼ ਕੀਤੇ। ਸੈਮੀਨਾਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਹਾਜ਼ਰੀਨ ਨੂੰ ਸੰਬੋਧਨ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਵਿਸ਼ਵ ਦੇ ਧਾਰਮਕ ਇਤਿਹਾਸ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਥਾਨ ਪ੍ਰਥਮ ਹੈ ਅਤੇ ਉਨ੍ਹਾਂ ਦੀ ਵਿਚਾਰਧਾਰਾ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ।
ਸੈਮੀਨਾਰ ਦੌਰਾਨ ਰਾਜਸਥਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਆਰ. ਕੇ. ਕੋਠਾਰੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪਰਚੇ ਪੜ੍ਹਨ ਵਾਲੇ ਵਿਦਵਾਨਾਂ ਵਿਚ ਪ੍ਰਸਿੱਧ ਵਿਦਵਾਨ ਡਾ. ਜਸਪਾਲ ਸਿੰਘ ਸਾਬਕਾ ਵੀ. ਸੀ., ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਡਾ. ਬਲਵੰਤ ਸਿੰਘ ਢਿੱਲੋਂ, ਡਾ. ਸਰਬਜਿੰਦਰ ਸਿੰਘ ਤੇ ਡਾ. ਮਨਜੀਤ ਕੌਰ ਸ਼ਾਮਲ ਸਨ।