ਸੁਰੱਖਿਆ ਦੇ ਨਾਂ ''ਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਪ੍ਰੇਸ਼ਾਨ ਕਰਨਾ ਮੰਦਭਾਗਾ : ਗਿਆਨੀ ਹਰਪ੍ਰੀਤ ਸਿੰਘ

Saturday, Aug 17, 2019 - 10:31 AM (IST)

ਸੁਰੱਖਿਆ ਦੇ ਨਾਂ ''ਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਪ੍ਰੇਸ਼ਾਨ ਕਰਨਾ ਮੰਦਭਾਗਾ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ (ਜ. ਬ.) : ਸੁਰੱਖਿਆ ਦੇ ਨਾਂ 'ਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਪ੍ਰੇਸ਼ਾਨ ਕਰਨਾ ਬਹੁਤ ਮੰਦਭਾਗਾ ਹੈ। ਇਹ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਸਕੱਤਰੇਤ ਤੋਂ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਪ੍ਰਚਾਰਕ ਭਾਈ ਬਲਦੇਵ ਸਿੰਘ ਵਡਾਲਾ ਨੂੰ ਕ੍ਰਿਪਾਨ ਸਮੇਤ ਘਰੇਲੂ ਹਵਾਈ ਸੇਵਾ ਵਿਚ ਸਫਰ 'ਚ ਰੋਕਣਾ, ਦੂਸਰਿਆਂ ਦੀ ਧਾਰਮਿਕ ਆਜ਼ਾਦੀ 'ਚ ਦਖਲ ਦੇਣਾ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਹਵਾਈ ਸਫਰ ਦੌਰਾਨ ਰੋਜ਼ਾਨਾ ਵੱਖ-ਵੱਖ ਧਰਮਾਂ ਦੇ ਲੋਕ ਹਵਾਈ ਸਫਰ ਕਰਦੇ ਹਨ ਪਰ ਕਦੇ ਕਿਸੇ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਸੁਰੱਖਿਆ ਦੇ ਨਾਂ ਹੇਠ ਇਕ ਅੰਮ੍ਰਿਤਧਾਰੀ ਸਿੱਖ ਨੂੰ ਜਹਾਜ਼ 'ਚੋਂ ਉਤਾਰਨਾ ਬਹੁਤ ਹੀ ਮੰਦਭਾਗਾ ਕਦਮ ਹੈ। ਇਸ ਨਾਲ ਸਿੱਖਾਂ ਨੂੰ ਆਪਣੇ ਹੀ ਦੇਸ਼ 'ਚ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਇਆ ਗਿਆ ਹੈ।

ਜਥੇਦਾਰ ਨੇ ਕਿਹਾ ਕਿ ਸਿੱਖਾਂ ਨੂੰ ਕਦੇ ਕ੍ਰਿਪਾਨ, ਦਸਤਾਰ ਅਤੇ ਕਦੇ ਕੜਾ ਪਹਿਨਣ ਦੇ ਨਾਂ 'ਤੇ ਵਾਰ-ਵਾਰ ਪ੍ਰੇਸ਼ਾਨ ਕਰਨ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਸਿੱਖ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਰਗੇ ਸੰਵੇਦਨਸ਼ੀਲ ਵਿਸ਼ੇ ਨਾਲ ਸਬੰਧਤ ਖੇਤਰਾਂ 'ਚ ਵੀ ਕੱਕਾਰਾਂ ਸਮੇਤ ਨਾ ਬੈਠਣ ਦੇਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਜੋ ਕਿਸੇ ਵੀ ਪੱਖੋਂ ਠੀਕ ਨਹੀਂ ਹਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਲੀਡਰਸ਼ਿਪ ਨੂੰ ਵੀ ਕਿਹਾ ਕਿ ਇਸ ਗੰਭੀਰ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣ ਤਾਂ ਜੋ ਇਨ੍ਹਾਂ ਸਮੱਸਿਆਵਾਂ ਦਾ ਪੱਕੇ ਤੌਰ 'ਤੇ ਹੱਲ ਲੱਭਿਆ ਜਾਵੇ।

ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਪ੍ਰਚਾਰਕ ਭਾਈ ਬਲਦੇਵ ਸਿੰਘ ਵਡਾਲਾ ਨੂੰ ਸਫਰ ਕਰਨ ਤੋਂ ਰੋਕਣ ਵਾਲੀ ਸਬੰਧਤ ਅਥਾਰਟੀ ਨੂੰ ਤੁਰੰਤ ਇਸ ਮਸਲੇ 'ਤੇ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।


author

Baljeet Kaur

Content Editor

Related News