ਇਤਿਹਾਸਕ ਨਗਰ ਕੀਰਤਨ ਦੁਰਗਾਪੁਰ ਤੋਂ ਅਗਲੇ ਪੜਾਅ ਲਈ ਰਵਾਨਾ

08/28/2019 6:13:34 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਵੈਸਟ ਬੰਗਾਲ ਦੇ ਸ਼ਹਿਰ ਦੁਰਗਾਪੁਰ ਤੋਂ ਪੰਥਕ ਜਾਹੋ-ਜਲਾਲ ਨਾਲ ਅਗਲੇ ਪੜਾਅ ਗੁਰਦੁਆਰਾ ਸਾਹਿਬ ਡਨਲਪ (ਕਲਕੱਤਾ) ਲਈ ਰਵਾਨਾ ਹੋ ਗਿਆ। ਆਰੰਭਤਾ ਸਮੇਂ ਇਲਾਕੇ ਦੀਆਂ ਵੱਡੀ ਗਿਣਤੀ ’ਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਪੁੱਜੀਆਂ ਹੋਈਆਂ ਸਨ। ਇਸ ਤੋਂ ਪਹਿਲਾਂ ਬੀਤੀ ਰਾਤ ਇਥੇ ਪਹੁੰਚਣ ’ਤੇ ਨਗਰ ਕੀਰਤਨ ਦਾ ਜੋਸ਼ੋ-ਖਰੋਸ਼ ਨਾਲ ਸਵਾਗਤ ਹੋਇਆ। ਸੰਗਤ ਨੇ ਭਰਪੂਰ ਆਤਿਸ਼ਬਾਜ਼ੀ ਕੀਤੀ ਅਤੇ ਦੀਪਮਾਲਾ ਵੀ ਖਿੱਚ ਦਾ ਕੇਂਦਰ ਰਹੀ। 

ਸੰਗਤ ਵਲੋਂ ਜਿਥੇ ਨਗਰ ਕੀਰਤਨ ਦੇ ਸਤਿਕਾਰ ਲਈ ਫੁੱਲਾਂ ਦੀ ਵਰਖਾ ਕੀਤੀ ਗਈ ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਵੀ ਭੇਟ ਕੀਤੇ ਗਏ। ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸੰਗਤ ਨੇ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਵਾਲੀ ਬੱਸ ’ਚ ਸੁਸ਼ੋਭਿਤ ਇਤਿਹਾਸਕ ਸ਼ਸਤਰਾਂ ਬਸਤਰਾਂ ’ਤੇ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਵੀ ਸੰਗਤ ਨੇ ਵਿਸ਼ੇਸ਼ ਰੁਚੀ ਦਿਖਾਈ। ਦੁਰਗਾਪੁਰ ਤੋਂ ਅੱਗੇ ਰਵਾਨਗੀ ਸਮੇਂ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ’ਚ ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਗੁਰਦਿਆਲ ਸਿੰਘ ਪ੍ਰਧਾਨ ਗੁਰਦੁਆਰਾ ਬੇਲਾਚੀਟੀ, ਦੁਰਗਾਪੁਰ, ਜਗਦੀਸ਼ ਸਿੰਘ ਪ੍ਰਧਾਨ, ਹਰਪਾਲ ਸਿੰਘ ਜੌਹਲ ਮੈਂਬਰ ਤਖਤ ਸ੍ਰੀ ਪਟਨਾ ਸਾਹਿਬ, ਜਸਵਿੰਦਰ ਸਿੰਘ ਜਨਰਲ ਸਕੱਤਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਇਕਬਾਲ ਸਿੰਘ ਟ੍ਰਸਟੀ ਮੈਂਬਰ, ਸਿਮਰਗੁਰਪ੍ਰੀਤਪਾਲ ਸਿੰਘ, ਪਿ੍ਰੰਸੀਪਲ ਸ੍ਰੀਮਤੀ ਸੁਤੱਪਾ ਅਚਾਰੀਆ, ਪਿਆਰਾ ਸਿੰਘ, ਦਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਡਨਲਪ ਕੁਲਕੱਤਾ, ਸਤਵੰਤ ਸਿੰਘ ਪ੍ਰਧਾਨ ਸ੍ਰੀ ਗੁਰੂ ਸਿੰਘ ਸਭਾ ਕਲਕੱਤਾ, ਅਜੀਤ ਸਿੰਘ ਪ੍ਰਧਾਨ ਗੁਰਦੁਆਰਾ ਬੜਾ ਸਿੰਘ ਸਭਾ ਕਲਕਤਾ, ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਆਜਮਪੁਰ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਆਦਿ ਸ਼ਾਮਲ ਸਨ।

ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਕਰਮਚਾਰੀ ਰਵਾਨਾ
ਕੌਮਾਂਤਰੀ ਨਗਰ ਕੀਰਤਨ ਨਾਲ ਸੇਵਾ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਵਧੀਕ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਮੁਲਾਜ਼ਮਾਂ ਦਾ ਇੱਕ ਜਥਾ ਅੱਜ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਇਨ੍ਹਾਂ ਮੁਲਾਜ਼ਮਾਂ ਨੂੰ ਰਵਾਨਾ ਕਰਨ ਸਮੇਂ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਨਗਰ ਕੀਰਤਨ ਨਾਲ ਬਦਲਵੇਂ ਪ੍ਰਬੰਧਾਂ ਤਹਿਤ ਅਧਿਕਾਰੀ ਤੇ ਕਰਮਚਾਰੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਦੱਸ ਦਿਨ ਬਾਅਦ ਮੁਲਾਜ਼ਮਾਂ ਦੀ ਡਿਊਟੀ ਬਦਲੀ ਜਾ ਰਹੀ ਹੈ, ਜਿਸ ਤਹਿਤ ਅੱਜ 80 ਤੋਂ ਵੱਧ ਮੁਲਾਜ਼ਮ ਭੇਜੇ ਗਏ ਹਨ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਸੁਪਿ੍ਰੰਟੈਂਡੈਂਟ ਸਤਨਾਮ ਸਿੰਘ, ਸਹਾਇਕ ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਕਰਨਜੀਤ ਸਿੰਘ, ਵਧੀਕ ਮੈਨੇਜਰ ਪਰਮਜੀਤ ਸਿੰਘ, ਰਜਵੰਤ ਸਿੰਘ ਸੁਪਰਵਾਈਜਰ, ਗੁਰਮੇਜ ਸਿੰਘ ਆਦਿ ਮੌਜੂਦ ਸਨ। 


Baljeet Kaur

Content Editor

Related News