ਇਤਿਹਾਸਕ ਨਗਰ ਕੀਰਤਨ ਖਾਲਸਈ ਜਾਹੋ-ਜਲਾਲ ਨਾਲ ਪੂਣੇ ਤੋਂ ਰਵਾਨਾ

09/21/2019 5:45:34 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਪੂਣੇ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ ਨਵੀਂ ਮੁੰਬਈ ਲਈ ਖਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਚੱਲ ਰਹੇ ਇਸ ਨਗਰ ਕੀਰਤਨ ਦੇ ਅੱਜ ਪੂਣੇ ਤੋਂ ਅੱਗੇ ਰਵਾਨਾ ਹੋਣ ਸਮੇਂ ਵੀ ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ 72 ਵਰ੍ਹਿਆਂ ਮਗਰੋਂ ਇਤਿਹਾਸਕ ਨਗਰ ਕੀਰਤਨ ਸਜਾਇਆ ਜਾਣਾ ਆਪਣੇ ਆਪ 'ਚ ਮਿਸਾਲੀ ਹੈ ਅਤੇ ਸਾਡੀ ਖੁਸ਼ਕਿਸਮਤੀ ਹੈ ਕਿ ਪਹਿਲੇ ਪਾਤਸ਼ਾਹ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਡੇ ਸਮਿਆਂ ਅੰਦਰ ਆ ਰਿਹਾ ਹੈ। ਉਨ੍ਹਾਂ ਸੰਗਤ ਨੂੰ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜਣ ਦੀ ਅਪੀਲ ਕੀਤੀ।

ਇਸ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦਿੱਤੇ ਗਏ ਅਤੇ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ 'ਚ ਨਗਰ ਕੀਰਤਨ ਦੀ ਰਵਾਨਗੀ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿਟੇਵੱਡ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਜਸਬੀਰ ਸਿੰਘ ਧਾਮ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਗੁਰਮੀਤ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ ਵਧੀਕ ਮੈਨੇਜਰ, ਰਜਵੰਤ ਸਿੰਘ ਸੁਪਰਵਾਈਜ਼ਰ, ਅਜੀਤ ਸਿੰਘ, ਸੁਖਬੀਰ ਸਿੰਘ ਇੰਚਾਰਜ, ਗੁਰਲਾਲ ਸਿੰਘ ਆਦਿ ਮੌਜੂਦ ਸਨ।

Baljeet Kaur

This news is Content Editor Baljeet Kaur