ਕੌਮਾਂਤਰੀ ਨਗਰ ਕੀਰਤਨ ਫਰੀਦਕੋਟ ਤੋਂ ਡਰੋਲੀ ਭਾਈ ਲਈ ਹੋਇਆ ਰਵਾਨਾ

10/30/2019 4:46:25 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਫਰੀਦਕੋਟ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਅਗਲੇ ਪੜਾਅ ਡਰੋਲੀ ਭਾਈ ਲਈ ਰਵਾਨਾ ਹੋਇਆ। ਨਗਰ ਕੀਰਤਨ ਦੌਰਾਨ ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਲ ਹੋਈਆਂ। ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਦੌਰਾਨ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੁੱਚੇ ਵਿਸ਼ਵ ਦੇ ਸਰਬਸਾਂਝੇ ਰਹਿਬਰ ਹਨ, ਜਿਨ੍ਹਾਂ ਦੀ ਵਿਚਾਰਧਾਰਾ ਮਾਨਵਤਾ ਨੂੰ ਇਕ ਧਾਗੇ 'ਚ ਪਰੋਂਦੀ ਹੈ। ਗੁਰੂ ਸਾਹਿਬ ਨੇ ਦੱਬੇ ਕੁਚਲੇ ਲੋਕਾਂ ਦੀ ਅਵਾਜ਼ ਬਣਦਿਆਂ ਹੱਕ ਸੱਚ ਦਾ ਨਾਅਰਾ ਬੁਲੰਦ ਕੀਤਾ।

ਭਾਈ ਸਰਬਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਰ ਰਹੇ ਵਿਸ਼ਾਲ ਸਮਾਗਮਾਂ ਦੌਰਾਨ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਤਰਫੋਂ ਸੰਗਤ ਨੂੰ ਸੱਦਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ। ਨਗਰ ਕੀਰਤਨ ਦੌਰਾਨ ਹਾਜ਼ਰ ਰਹੀਆਂ ਪ੍ਰਮੁੱਖ ਸ਼ਖਸੀਅਤਾਂ 'ਚ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਆਣਾ, ਸਤਪਾਲ ਸਿੰਘ ਤਲਵੰਡੀ ਭਾਈ, ਦਰਸ਼ਨ ਸਿੰਘ ਸ਼ੇਰਖਾਂ, ਸ਼ੇਰ ਸਿੰਘ ਮੰਡਵਾਲਾ, ਪਰਮਬੰਸ ਸਿੰਘ ਰੁਮਾਣਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਨਾਮ ਸਿੰਘ ਝਬਾਲ, ਧਰਮਿੰਦਰ ਸਿੰਘ ਆਦਿ ਮੌਜੂਦ ਸਨ। ਇਸ ਤੋਂ ਪਹਿਲਾਂ ਬੀਤੇ ਰਾਤ ਨਗਰ ਕੀਰਤਨ ਦੇ ਫਰੀਦਕੋਟ ਹਲਕੇ ਵਿਚ ਪੁੱਜਣ ਸਮੇਂ ਮਨਤਾਰ ਸਿੰਘ ਬਰਾੜ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰਵਾਂ ਸਵਾਗਤ ਕੀਤਾ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਲੋਂ ਨਗਰ ਕੀਰਤਨ ਦੇ ਬਦਲਵੇਂ ਪ੍ਰਬੰਧਾਂ ਨੂੰ ਲੈ ਕੇ ਅੱਜ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ ਦੀ ਅਗਵਾਈ 'ਚ ਮੁਲਾਜ਼ਮਾਂ ਦਾ ਜਥਾ ਰਵਾਨਾ ਕੀਤਾ। ਇਹ ਜਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ, ਸਕੱਤਰ ਮਨਜੀਤ ਸਿੰਘ ਬਾਠ ਤੇ ਹੋਰਾਂ ਵਲੋਂ ਸਿਰੋਪਾਓ ਦੇ ਕੇ ਰਵਾਨਾ ਕੀਤਾ ਗਿਆ।

Baljeet Kaur

This news is Content Editor Baljeet Kaur