ਅੰਤਰਰਾਸ਼ਟਰੀ ਨਗਰ ਕੀਰਤਨ ਹੈਦਰਾਬਾਦ ਤੋਂ ਬਿਦਰ ਲਈ ਰਵਾਨਾ

09/18/2019 11:44:15 AM

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁ. ਬ੍ਰਹਮਬਾਲਾ ਸਾਹਿਬ ਸਿੱਖ ਛਾਉਣੀ ਹੈਦਰਾਬਾਦ ਤੋਂ ਗੁ. ਸ੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਲਈ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਬੀਤੇ ਕੱਲ ਨਗਰ ਕੀਰਤਨ ਦਾ ਹੈਦਰਾਬਾਦ ਪੁੱਜਣ 'ਤੇ ਸੰਗਤ ਨੇ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ। ਖੂਬਸੂਰਤ ਸਵਾਗਤੀ ਗੇਟ, ਸੁੰਦਰ ਲੜੀਆਂ ਅਤੇ ਦੀਪਮਾਲਾ ਕੀਤੀ ਗਈ। ਸੰਗਤਾਂ ਦੀ ਟਹਿਲ ਸੇਵਾ ਲਈ ਲੰਗਰ ਵੀ ਲਾਏ ਗਏ।

ਹੈਦਰਾਬਾਦ ਤੋਂ ਰਵਾਨਗੀ ਸਮੇਂ ਧਾਰਮਿਕ ਦੀਵਾਨ 'ਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਚੱਲਣ ਦੀ ਅਪੀਲ ਕਰਦਿਆਂ 550ਵੇਂ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਪੁਰਬ ਮੌਕੇ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ 'ਚ ਸ਼ਮੂਲੀਅਤ ਦਾ ਸੱਦਾ ਦਿੱਤਾ। ਉਨ੍ਹਾਂ ਹੈਦਰਾਬਾਦ ਦੀ ਸੰਗਤ ਅਤੇ ਸਥਾਨਕ ਪ੍ਰਬੰਧਕਾਂ ਦਾ ਸੁਚੱਜੇ ਪ੍ਰਬੰਧ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਆਈ. ਪੀ. ਐੱਸ. ਅਧਿਕਾਰੀ ਸ਼੍ਰੀਮਤੀ ਤੇਜਦੀਪ ਕੌਰ, ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ 'ਚ ਹਰਬੰਸ ਸਿੰਘ, ਭਾਗ ਸਿੰਘ, ਸੁਖਦੇਵ ਸਿੰਘ, ਰਣਵੀਰ ਸਿੰਘ, ਸਤਨਾਮ ਸਿੰਘ, ਗੁਰਜੀਤ ਸਿੰਘ, ਗੁਰਮੀਤ ਸਿੰਘ ਤੇ ਨਗਰ ਕੀਰਤਨ ਨਾਲ ਸੇਵਾ ਨਿਭਾ ਰਹੇ ਵਧੀਕ ਮੈਨੇਜਰ ਪਰਮਜੀਤ ਸਿੰਘ, ਸੁਪਰਵਾਈਜ਼ਰ ਰਜਵੰਤ ਸਿੰਘ, ਬਖਸ਼ੀਸ਼ ਸਿੰਘ, ਗੁਰਲਾਲ ਸਿੰਘ ਅਤੇ ਹੋਰ ਹਾਜ਼ਰ ਸਨ।

ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਜਥਾ ਗਿਆ
ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਨਾਲ ਸੇਵਾ ਨਿਭਾਉਣ ਲਈ ਬਦਲਵੇਂ ਪ੍ਰਬੰਧਾਂ ਤਹਿਤ ਮੁਲਾਜ਼ਮਾਂ ਦਾ ਜਥਾ ਰਵਾਨਾ ਕੀਤਾ ਗਿਆ, ਜੋ ਮੁੰਬਈ ਤੋਂ ਅੱਗੇ ਨਗਰ ਕੀਰਤਨ ਨਾਲ ਸੇਵਾਵਾਂ ਨਿਭਾਏਗਾ। ਜਥਾ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁ. ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸਫ਼ਲਤਾਪੂਰਵਕ ਅਗਲੇ ਪੜਾਵਾਂ ਵੱਲ ਵੱਧ ਰਿਹਾ ਹੈ। ਨਗਰ ਕੀਰਤਨ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਬਦਲਵੇਂ ਪ੍ਰਬੰਧਾਂ ਤਹਿਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਲਾਈ ਜਾ ਰਹੀ ਹੈ, ਜਿਸ ਤਹਿਤ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ ਦੀ ਅਗਵਾਈ 'ਚ 80 ਮੁਲਾਜ਼ਮ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਤਨਦੇਹੀ ਨਾਲ ਹਿੱਸਾ ਪਾ ਰਹੇ ਹਨ। ਇਸ ਮੌਕੇ ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਸੁਖਦੇਵ ਸਿੰਘ ਭੂਰਾਕੋਹਨਾ, ਸਤਿੰਦਰ ਸਿੰਘ, ਇੰਚਾਰਜ ਪਲਵਿੰਦਰ ਸਿੰਘ, ਸੁਪਰਡੈਂਟ ਸਤਨਾਮ ਸਿੰਘ ਅਤੇ ਮਲਕੀਤ ਸਿੰਘ ਬਹਿੜਵਾਲ, ਸੁਖਬੀਰ ਸਿੰਘ, ਅਜੀਤ ਸਿੰਘ ਤੇ ਹੋਰ ਮੌਜੂਦ ਸਨ।

Baljeet Kaur

This news is Content Editor Baljeet Kaur