ਕੌਮਾਂਤਰੀ ਨਗਰ ਕੀਰਤਨ ਧਰਮਕੋਟ ਤੋਂ ਅਗਲੇ ਪੜਾਅ ਲਈ ਰਵਾਨਾ

11/01/2019 4:53:19 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਮੋਗਾ ਦੇ ਧਰਮਕੋਟ ਵਿਖੇ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨਤਾਰਨ ਲਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਇਥੋਂ ਰਵਾਨਾ ਹੋਏ ਨਗਰ ਕੀਰਤਨ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਜਥੇਦਾਰ ਤੋਤਾ ਸਿੰਘ, ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਹ ਕੌਮਾਂਤਰੀ ਨਗਰ ਕੀਰਤਨ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਮਗਰੋਂ ਭਾਰਤ ਦੇ ਵੱਖ-ਵੱਖ ਸੂਬਿਆਂ 'ਚੋਂ ਹੁੰਦਾ ਹੋਇਆ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੂਰਨ ਹੋਵੇਗਾ।

ਨਗਰ ਕੀਰਤਨ ਦੀ ਅੱਜ ਧਰਮਕੋਟ ਤੋਂ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਭਾਈ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਕਥਾ ਵਿਚਾਰਾਂ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ 'ਚ ਵੱਸਦੀਆਂ ਸੰਗਤਾਂ ਲਈ ਇਕ ਖਾਸ ਮੌਕਾ ਹੈ, ਜਿਸ ਨੂੰ ਖਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਸਭ ਨੂੰ ਸਹਿਯੋਗੀ ਬਣਨਾ ਚਾਹੀਦਾ ਹੈ। ਇਸ ਦੌਰਾਨ ਨਗਰ ਕੀਰਤਨ 'ਚ ਸ਼ਾਮਲ ਵਿਸ਼ੇਸ਼ ਬੱਸ 'ਚ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਦੇ ਵੀ ਸੰਗਤਾਂ ਨੇ ਦਰਸ਼ਨ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਢੋਸ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਵਧੀਕ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਭਾਈ ਸਰਬਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।


Baljeet Kaur

Content Editor

Related News