ਸ੍ਰੀ ਮੁਕਤਸਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਜਾਂਚ ਕਮੇਟੀ ਬਣਾਈ
Sunday, Feb 18, 2018 - 09:40 AM (IST)

ਅੰਮ੍ਰਿਤਸਰ (ਮਮਤਾ) - ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਰਕਾਬਸਰ ਸਾਹਿਬ ਦੇ ਸਰੋਵਰ 'ਚੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਪੰਨੇ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਜਾਂਚ ਸਬੰਧੀ ਇਕ ਕਮੇਟੀ ਬਣਾ ਦਿੱਤੀ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਇਸ ਦੀ ਜਾਂਚ ਲਈ ਇਕ ਕਮੇਟੀ ਗਠਿਤ ਕਰ ਦਿੱਤੀ ਗਈ ਹੈ, ਜਿਸ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ ਤੇ ਨਵਤੇਜ ਸਿੰਘ ਕਾਉਣੀ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੇਵਲ ਸਿੰਘ ਇਸ ਕਮੇਟੀ ਦੇ ਕੋਆਰਡੀਨੇਟਰ ਹੋਣਗੇ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਕਰਨ ਵਾਲੇ ਲੋਕ ਸ਼ਾਂਤੀ ਦੇ ਦੁਸ਼ਮਣ ਹਨ। ਜਿਸ ਕਿਸੇ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਉਸ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਇਸ ਸਬੰਧੀ ਪੜਤਾਲ ਕਰ ਕੇ ਰਿਪੋਰਟ ਦੇਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਅਜਿਹੇ ਲੋਕਾਂ ਨਾਲ ਨਜਿੱਠਣ ਲਈ ਪੁਲਸ ਪ੍ਰਸ਼ਾਸਨ ਨੂੰ ਚੌਕਸ ਕੀਤਾ ਜਾਵੇ ਤਾਂ ਜੋ ਅਜਿਹੇ ਕੰਮ ਕਰਨ ਵਾਲੇ ਸ਼ਰਾਰਤੀ ਲੋਕਾਂ ਨੂੰ ਨੱਥ ਪੈ ਸਕੇ।