ਅੰਮ੍ਰਿਤਸਰ ਅਜਾਇਬ ਘਰ ਵਿਚ ਦੋ ਹੋਰ ਸਿੱਖਾਂ ਦੀਆਂ ਤਸਵੀਰਾਂ ਸਥਾਪਿਤ
Saturday, Feb 08, 2020 - 12:32 PM (IST)
ਅੰਮ੍ਰਿਤਸਰ (ਗੁਰਪ੍ਰੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਾਬਾ ਲੱਖਾ ਸਿੰਘ ਅਤਲਾ ਕਲਾਂ ਅਤੇ ਸ਼੍ਰੋਮਣੀ ਰਾਗੀ ਪ੍ਰਿੰਸੀਪਲ ਚੰਨਣ ਸਿੰਘ ਮਜਬੂਰ ਦੀਆਂ ਤਸਵੀਰਾਂ ਲਗਾਈਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।
ਇਸ ਸਬੰਧ 'ਚ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਬਾਬਾ ਲੱਖਾ ਸਿੰਘ ਨੇ ਜਿਥੇ ਕਈ ਵਿੱਦਿਅਕ ਅਦਾਰਿਆਂ ਦੀ ਸਥਾਪਨਾ ਕਰ ਕੇ ਵਿੱਦਿਆ ਦੇ ਪਸਾਰ 'ਚ ਅਹਿਮ ਯੋਗਦਾਨ ਪਾਇਆ ਹੈ, ਉਥੇ ਉਨ੍ਹਾਂ ਨੇ ਧਰਮ ਪ੍ਰਚਾਰ ਕਰਦਿਆਂ ਅਨੇਕਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਇਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼੍ਰੋਮਣੀ ਰਾਗੀ ਪ੍ਰਿੰਸੀਪਲ ਚੰਨਣ ਸਿੰਘ ਮਜਬੂਰ ਨੇ ਵੀ ਗੁਰਬਾਣੀ ਕੀਰਤਨ ਦੀ ਸੇਵਾ ਦੇ ਨਾਲ-ਨਾਲ ਅਨੇਕਾਂ ਸਿੱਖਿਆਰਥੀਆਂ ਨੂੰ ਗੁਰਬਾਣੀ ਕੀਰਤਨ ਦੀ ਸਿੱਖਿਆ ਦਿੱਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਬਾਬਾ ਲੱਖਾ ਸਿੰਘ ਤੇ ਪ੍ਰਿੰਸੀਪਲ ਚੰਨਣ ਸਿੰਘ ਦਾ ਜੀਵਨ ਸਿੱਖ ਸੰਗਤਾਂ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੇ ਜੀਵਨ ਤੋਂ ਸਿੱਖੀ ਪ੍ਰਤੀ ਸਮਰਪਣ ਭਾਵਨਾ ਦੀ ਸੇਧ ਮਿਲਦੀ ਹੈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਅਤੇ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ।