''ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਅਟਾਰੀ ਸਰਹੱਦ ''ਤੇ ਹੋਵੇਗਾ ਸ਼ਾਨਦਾਰ ਸਵਾਗਤ''
Tuesday, Jul 23, 2019 - 05:52 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿ ਤੋਂ 1 ਅਗਸਤ 2019 ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਦੇ ਰੂਟ ਤੇ ਸਵਾਗਤੀ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਹੋਈ, ਜਿਸ 'ਚ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਸ. ਮਨਜਿੰਦਰ ਸਿੰਘ ਸਿਰਸਾ, ਸ. ਦਰਬਾਰਾ ਸਿੰਘ ਗੁਰੂ ਸਣੇ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਨਗਰ ਕੀਰਤਨ ਦੇ ਵਾਹਗਾ ਸਰਹੱਦ ਵਿਖੇ ਪੁੱਜਣ 'ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਤ ਸਮਾਜ, ਸਭਾ-ਸੁਸਾਇਟੀਆਂ ਤੋਂ ਇਲਾਵਾ ਹੋਰਨਾਂ ਧਰਮਾਂ ਦੇ ਨੁਮਾਇੰਦੇ ਮੌਜੂਦ ਹੋਣਗੇ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸ਼ਮੂਲੀਅਤ ਲਈ ਕਿਹਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਸਬ-ਕਮੇਟੀ ਦੇ ਆਗੂ ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦਾ 1 ਅਗਸਤ ਤੋਂ ਲੈ ਕੇ 30 ਅਗਸਤ ਤੱਕ ਦਾ ਰੂਟ ਤੈਅ ਕਰ ਲਿਆ ਗਿਆ ਹੈ, ਜਿਸ ਦੀਆਂ ਤਿਆਰੀਆਂ ਲਈ ਅਗਾਊਂ ਟੀਮਾਂ ਭੇਜੀਆਂ ਜਾ ਰਹੀਆਂ ਹਨ। 17 ਰਾਜਾਂ ਤੱਕ ਨਗਰ ਕੀਰਤਨ ਪਹੁੰਚ ਕਰੇਗਾ, ਜਿਨ੍ਹਾਂ 'ਚੋਂ 9 ਰਾਜਾਂ ਦਾ ਪ੍ਰੋਗਰਾਮ ਬਣਾ ਲਿਆ ਗਿਆ ਹੈ ਅਤੇ ਬਾਕੀ ਦੇ ਪ੍ਰੋਗਰਾਮ ਅਗਲੇ ਹਫ਼ਤੇ ਉਲੀਕ ਲਏ ਜਾਣਗੇ। ਇਸ ਮੌਕੇ ਸ. ਗੁਰਚਰਨ ਸਿੰਘ ਕਰਮੂੰਵਾਲਾ, ਭਾਈ ਮਨਜੀਤ ਸਿੰਘ, ਸ. ਦਰਬਾਰਾ ਸਿੰਘ ਗੁਰੂ, ਸ. ਬਲਦੇਵ ਸਿੰਘ ਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਆਦਿ ਮੌਜੂਦ ਸਨ।