ਇਤਿਹਾਸਕ ਨਗਰ ਕੀਰਤਨ ਗੁਰਦੁਆਰਾ ਨਾਨਕ ਮਤਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

08/17/2019 4:05:14 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਕੀਤਾ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਨਾਨਕ ਮਤਾ ਸਾਹਿਬ ਉਤਰਾਖੰਡ ਪੁੱਜਣ 'ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਥੋਂ ਜਦੋਂ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ ਤਾਂ ਭਾਰੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ। 

ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਬੀਤੀ ਰਾਤ ਦੀ ਬਜਾਏ ਨਗਰ ਕੀਰਤਨ ਅੱਜ ਸਵੇਰੇ ਪਹੁੰਚਿਆ, ਜਿਥੋਂ ਕੁਝ ਸਮੇਂ ਬਾਅਦ ਅੱਗੇ ਰਵਾਨਾ ਹੋਇਆ। ਰਵਾਨਗੀ ਸਮੇਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸੰਗਤ ਵਲੋਂ ਥਾਂ-ਥਾਂ ''ਤੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਸੁੰਦਰ ਸਵਾਗਤੀ ਗੇਟ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਇਸੇ ਦੌਰਾਨ ਗਤਕਾ ਤੇ ਬੈਂਡ ਪਾਰਟੀਆਂ ਅਤੇ ਸਕੂਲੀ ਬੱਚਿਆਂ ਵਲੋਂ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਤੋਂ ਅੱਗੇ ਰਵਾਨਗੀ ਸਮੇਂ ਨਗਰ ਕੀਰਤਨ ਨਾਲ ਚੱਲ ਰਹੇ ਪ੍ਰਬੰਧਕ ਕਰਮਬੀਰ ਸਿੰਘ ਕਿਆਮਪੁਰ, ਗੁਰਦਿਆਲ ਸਿੰਘ, ਗੁਰਵਿੰਦਰ ਸਿੰਘ ਦੇਵੀਦਾਸਪੁਰ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਖ਼ਾਲਸਾ, ਕਾਰਸੇਵਾ ਵਾਲੇ ਬਾਬਾ ਸ਼ਾਮ ਸਿੰਘ, ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਾ ਸਿੰਘ, ਜਨਰਲ ਸਕੱਤਰ ਸ. ਪ੍ਰੀਤਮ ਸਿੰਘ ਸੰਧੂ, ਮੀਤ ਪ੍ਰਧਾਨ ਜਸਵਿੰਦਰ ਸਿੰਘ ਗਿੱਲ, ਸਕੱਤਰ ਕੇਹਰ ਸਿੰਘ, ਮੈਂਬਰ ਗੁਰਮੇਜ ਸਿੰਘ, ਬਲਜਿੰਦਰ ਸਿੰਘ, ਕੁਲਦੀਪ ਸਿੰਘ ਪੰਨੂ, ਪ੍ਰਗਟ ਸਿੰਘ, ਹਰਚੰਦ ਸਿੰਘ, ਸੁਰਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। 

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਨਗਰ ਕੀਰਤਨ ਦੇ ਕੋਆਰਡੀਨੇਟਰ ਮਨਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵੱਖ-ਵੱਖ ਸੂਬਿਆਂ ਅੰਦਰ ਸੰਗਤ ਨਗਰ ਕੀਰਤਨ ਦੇ ਸਤਿਕਾਰ ਲਈ ਕਈ ਕਈ ਘੰਟੇ ਇੰਤਜ਼ਾਰ ਕਰ ਰਹੀ ਹੈ ਅਤੇ ਇਹ ਉਤਸ਼ਾਹ ਲਗਾਤਾਰ ਹੋਰ ਵਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਵਧੇਰੇ ਸਟਾਫ ਦਾ ਪ੍ਰਬੰਧ ਕੀਤਾ ਗਿਆ ਹੈ। ਨਗਰ ਕੀਰਤਨ ਦੇ ਸਵਾਗਤ ਅਤੇ ਰੂਟ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਅਗਾਊਂ ਪ੍ਰਬੰਧ ਕਰਨ ਲਈ ਵੀ ਸਟਾਫ ਭੇਜਿਆ ਗਿਆ ਹੈ। 

Baljeet Kaur

This news is Content Editor Baljeet Kaur