ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਪ੍ਰਬੰਧਾਂ ''ਚ ਸਹਿਯੋਗ ਲਈ SGPC ਵਲੋਂ 45 ਮੁਲਾਜ਼ਮ ਪਟਨਾ ਸਾਹਿਬ ਲਈ ਰਵਾਨਾ

Wednesday, Dec 25, 2019 - 06:10 PM (IST)

ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਪ੍ਰਬੰਧਾਂ ''ਚ ਸਹਿਯੋਗ ਲਈ SGPC ਵਲੋਂ 45 ਮੁਲਾਜ਼ਮ ਪਟਨਾ ਸਾਹਿਬ ਲਈ ਰਵਾਨਾ

ਅੰਮ੍ਰਿਤਸਰ (ਦੀਪਕ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਸੀਤਲ ਕੁੰਡ ਰਾਜਗੀਰ (ਬਿਹਾਰ) ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਸਮੇਂ ਪ੍ਰਬੰਧਾਂ 'ਚ ਸਹਿਯੋਗ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਨਰਿੰਦਰ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ 'ਚ 45 ਮੁਲਾਜ਼ਮਾਂ ਨੂੰ ਰਵਾਨਾ ਕੀਤਾ ਗਿਆ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 27 ਤੋਂ 29 ਦਸੰਬਰ ਤੱਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਸੀਤਲ ਕੁੰਡ ਰਾਜਗੀਰ (ਬਿਹਾਰ) ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 2 ਜਨਵਰੀ 2020 ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਮੇਂ ਸਹਿਯੋਗ ਲਈ ਅੱਜ ਪਟਨਾ ਸਾਹਿਬ ਲਈ 45 ਮੁਲਾਜ਼ਮ ਭੇਜੇ ਗਏ ਹਨ, ਜੋ ਸਮਾਗਮਾਂ ਦੀ ਸੰਪੂਰਨਤਾ ਤੱਕ ਸੇਵਾ ਨਿਭਾਉਣਗੇ।

ਉਨ੍ਹਾਂ ਦੱਸਿਆ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਦੇ ਪ੍ਰਬੰਧਕਾਂ ਵਲੋਂ ਪੁੱਜੀ ਮੰਗ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੁਲਾਜ਼ਮਾਂ ਦੀਆਂ ਡਿਊਟੀਆਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਲਾਈਆਂ ਹਨ, ਜਿਨ੍ਹਾਂ ਨੂੰ ਅੱਜ ਰਵਾਨਾ ਕੀਤਾ ਗਿਆ। ਇਸ ਮੌਕੇ ਸਹਾਇਕ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।


author

Baljeet Kaur

Content Editor

Related News