ਅੰਮ੍ਰਿਤਸਰ ''ਚ ਸ਼ਰਧਾਲੂਆਂ ਨੂੰ ਲੁੱਟਣ ਵਾਲੇ ਗੈਂਗ ਦਾ ਪਰਦਾਫਾਸ਼
Wednesday, Sep 18, 2019 - 06:17 PM (IST)

ਅੰਮ੍ਰਿਤਸਰ (ਸੁਮਿਤ) : ਗੁਰੂ ਨਗਰੀ 'ਚ ਆਉਣ ਵਾਲੇ ਸ਼ਰਧਾਲੂਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਪੁਲਸ ਥਾਣਾ ਬੀ-ਡਵੀਜ਼ਨ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 20 ਮੋਬਾਇਲ ਬਰਾਮਦ ਕੀਤੇ ਹਨ। ਇਸ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਇਕ ਨਾਕੇ 'ਤੇ ਕਾਬੂ ਕੀਤਾ ਗਿਆ ਹੈ। ਮੁਲਜ਼ਮ ਮੋਬਾਇਲ ਚੋਰੀ ਕਰਕੇ ਵੇਚਦੇ ਸਨ।
ਇਸ ਦੇ ਨਾਲ ਹੀ ਪੁਲਸ ਦਾ ਕਹਿਣਾ ਹੈ ਕਿ ਪਹਿਲਾਂ ਇਨ੍ਹਾਂ ਕੋਲੋਂ ਪੰਜ ਮੋਬਾਇਲ ਬਰਾਮਦ ਕੀਤੇ ਗਏ ਸਨ ਅਤੇ ਬਾਅਦ ਵਿਚ ਇਨ੍ਹਾਂ ਪਾਸੋਂ 15 ਮੋਬਾਇਲ ਹੋਰ ਬਰਾਮਦ ਕੀਤੇ ਗਏ। ਇਹ ਚਾਰ ਨੌਜਵਾਨਾਂ ਦੀ ਗੈਂਗ ਹੈ ਜੋ ਕਿ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ। ਪੁਲਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ 'ਤੇ ਪਹਿਲਾਂ ਵੀ ਮਾਮਲੇ ਦਰਜ ਹਨ। ਮੁਲਜ਼ਮਾਂ ਪਾਸੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਗਿਰੋਹ ਦੇ ਬਾਕੀ ਦੇ ਹੋਰ ਮੈਂਬਰਾਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।