ਹੜ੍ਹ ਪੀੜਤਾਂ ਦੀ ਮਦਦ ਲਈ SGPC ਵਲੋਂ ਸਬ-ਕਮੇਟੀ ਦਾ ਗਠਨ

Thursday, Aug 29, 2019 - 05:13 PM (IST)

ਹੜ੍ਹ ਪੀੜਤਾਂ ਦੀ ਮਦਦ ਲਈ SGPC ਵਲੋਂ ਸਬ-ਕਮੇਟੀ ਦਾ ਗਠਨ

ਅੰਮ੍ਰਿਤਸਰ (ਦੀਪਕ ਸ਼ਰਮਾ) : ਹੜ੍ਹ ਪੀੜਤਾਂ ਦੀ ਮਦਦ ਲਈ ਐੱਸ.ਜੀ.ਪੀ.ਸੀ. ਵਲੋਂ ਸਬ-ਕਮੇਟੀ ਦਾ ਗਠਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਲਈ ਨਿਰੰਤਰ ਕਾਰਜ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਮੌਜੂਦਾ ਲੋੜਾਂ ਜਾਣਨ ਲਈ ਵੀ ਇਕ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਅੰਦਰ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਲੰਗਰ ਵਿਵਸਥਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜੀਂਦੀਆਂ ਰਸਦਾਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੈਡੀਕਲ ਸਹੂਲਤਾਂ ਵੀ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਹੁਣ ਪਾਣੀ ਦਾ ਪੱਧਰ ਘੱਟ ਰਿਹਾ ਹੈ ਪਰ ਇਸ ਦੇ ਨਾਲ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਡਰ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਮੈਡੀਕਲ ਕਾਲਜ ਅਤੇ ਹਸਪਤਾਲਾਂ ਤੋਂ ਸਿਹਤ ਟੀਮਾਂ ਭੇਜੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹੜ੍ਹ੍ਹਪੀੜਤਾਂ ਦੀਆਂ ਮੌਜੂਦਾ ਸਥਿਤੀ ਅਨੁਸਾਰ ਲੋੜਾਂ ਪੂਰੀਆਂ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਹਿਤ ਹੀ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ, ਜਿਸ ’ਚ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਲ ਹਨ। ਸਬ-ਕਮੇਟੀ ਨਾਲ ਸ਼੍ਰੋਮਣੀ ਕਮੇਟੀ ਦਾ ਇਕ ਅਧਿਕਾਰੀ ਵੀ ਕੰਮ ਕਰੇਗਾ। ਇਹ ਕਮੇਟੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਜਾਣੇਗੀ ਅਤੇ ਇਸ ਦੇ ਨਾਲ ਹੀ ਵਰਤਮਾਨ ਸਮੇਂ ਜਿਸ ਤਰ੍ਹਾਂ ਦੀ ਵੀ ਮਦਦ ਦੀ ਲੋੜ ਹੋਈ, ਉਸ ਦੀ ਰਿਪੋਰਟ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ੍ਹ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਮੁੜ ਲੀਹਾਂ ’ਤੇ ਆਉਣ ਤੱਕ ਰਾਹਤ ਕਾਰਜ ਕਰਦੀ ਰਹੇਗੀ। ਭਾਈ ਲੌਂਗੋਵਾਲ ਨੇ ਸਪੱਸ਼ਟ ਕੀਤਾ ਕਿ ਪਾਣੀ ਸੁੱਕਣ ਮਗਰੋਂ ਵੀ ਪ੍ਰਭਾਵਿਤ ਲੋਕਾਂ ਨੂੰ ਜੋ ਸਹਾਇਤਾ ਲੋੜੀਂਦੀ ਹੋਵੇਗੀ, ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਕਾਰਜ ਕੀਤੇ ਜਾਣਗੇ। 


author

Baljeet Kaur

Content Editor

Related News