SGPC ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਲਾਏਗੀ ਸੋਲਰ ਸਿਸਟਮ, ਲੰਗਰ ਵੀ ਇੰਝ ਕੀਤਾ ਜਾਵੇਗਾ ਤਿਆਰ
Wednesday, Jan 06, 2021 - 09:27 AM (IST)
ਅੰਮ੍ਰਿਤਸਰ(ਦੀਪਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੇ ਖ਼ਰਚਿਆਂ ਨੂੰ ਘਟਾਉਣ ਲਈ ਸੋਲਰ ਸਿਸਟਮ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਭਾਫ਼ ਰਾਹੀਂ ਲੰਗਰ ਤਿਆਰ ਕਰਨ ਲਈ ਵੀ ਯੋਜਨਾ ਤਿਆਰ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਨੂੰ ਅਮਲ ’ਚ ਲਿਆਉਣ ਲਈ ਅਹੁਦੇਦਾਰਾਂ, ਅਧਿਕਾਰੀਆਂ ਅਤੇ ਤਕਨੀਕੀ ਮਾਹਿਰਾਂ ’ਤੇ ਅਧਾਰਿਤ ਕਮੇਟੀ ਗਠਿਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਵੱਡੀ ਵਾਰਦਾਤ: ਕਾਂਗਰਸੀ ਸਰਪੰਚ ਨੇ ਸਾਥੀਆਂ ਨਾਲ ਮਿਲ ਨੌਜਵਾਨ ਦਾ ਕੀਤਾ ਕਤਲ
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤਿ੍ਰੰਗ ਕਮੇਟੀ ਨੇ ਬਾਬਾ ਜੀਵਨ ਸਿੰਘ ਦੀ ਯਾਦ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਵਿਸ਼ਾਲ ਸਮਾਗਮ ਕਰਨ ਦਾ ਵੀ ਫ਼ੈਸਲਾ ਲਿਆ ਹੈ। ਇਹ ਸਮਾਗਮ ਨੌਵੇਂ ਪਾਤਸ਼ਾਹ ਜੀ ਦਾ ਪਾਵਨ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਪੁੱਜਣ ਵਾਲੇ ਦਿਨ ਕੀਤਾ ਜਾਇਆ ਕਰੇਗਾ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਚਾਰ ਸੌ ਸਾਲਾ ਪ੍ਰਕਾਸ਼ ਦਿਵਸ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦਾ ਸੌ ਸਾਲਾ ਦਿਹਾੜਾ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ।
ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ 13 ਸਾਲਾ ਬੱਚੀ ਨਾਲ ਹੈਵਾਨੀਅਤ, ਅਸ਼ਲੀਲ ਵੀਡੀਓ ਦਿਖਾ ਕੇ ਕੀਤਾ ਸਮੂਹਿਕ ਜਬਰ-ਜ਼ਿਨਾਹ
ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਵੱਡਾ ਜੱਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ’ਚ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸ ਸ਼ਤਾਬਦੀ ਸਬੰਧੀ ਵਿਸ਼ਾਲ ਸਮਾਗਮ ਅੰਮਿ੍ਰਤਸਰ ਵਿਖੇ ਕੀਤਾ ਜਾਵੇਗਾ, ਜਦਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਸ਼ਮਣ ਸਿੰਘ ਧਾਰੋਵਾਲੀ ਸਮੇਤ ਹੋਰ ਸ਼ਹੀਦਾਂ ਦੇ ਅਸਥਾਨਾਂ ’ਤੇ ਵੀ ਸਮਾਗਮ ਹੋਣਗੇ। ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵਲੋਂ ਆਸਟ੍ਰੀਆ ’ਚ ਸਿੱਖ ਧਰਮ ਨੂੰ ਮਾਨਤਾ ਮਿਲਣ ’ਤੇ ਸ਼ਲਾਘਾ ਮਤਾ ਵੀ ਪਾਸ ਕੀਤਾ ਗਿਆ।
ਇਹ ਵੀ ਪੜ੍ਹੋ : ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦਾ ਤਾਨਾਸ਼ਾਹੀ ਰਵੱਈਆ ਸੰਸਥਾ ਲਈ ਬਣਿਆ ਖ਼ਤਰਾ: ਪ੍ਰੋ. ਬਲਜਿੰਦਰ ਸਿੰਘ
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਿ੍ਹਆ ਜਾਵੇ
ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਜਲਦ ਖੋਲ੍ਹੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਸਬੰਧੀ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਭਾਜਪਾ ਅਤੇ ਕੈਪਟਨ ਸਰਕਾਰ ਖੇਡ ਰਹੀ ਹੈ ਫ੍ਰੈਂਡਲੀ ਮੈਚ: ਮਾਨ
ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ’ਚ ਵੀਡੀਓ ਮਾਮਲੇ ਦੀ ਕੀਤੀ ਨਿੰਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਕਿਸੇ ਕੁੜੀ ਵਲੋਂ ਆਪਣੀ ਵੀਡੀਓ ਬਣਾ ਕੇ ਉਸ ਨਾਲ ਗਾਣੇ ਲਾਉਣ ਮਗਰੋਂ ਸੋਸ਼ਲ ਮੀਡੀਆ ’ਤੇ ਜਨਤਕ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਰਿਕਰਮਾ ’ਚ ਅਜਿਹੀਆਂ ਵੀਡੀਓ ਦੀ ਮਨਾਹੀ ਵਾਲੇ ਬੋਰਡ ਲਾਉਣ ਦੇ ਬਾਵਜੂਦ ਵੀ ਜਿਹੜੇ ਲੋਕ ਅਜਿਹੀਆਂ ਹਰਕਤਾਂ ਕਰਦੇ ਹਨ, ਉਨ੍ਹਾਂ ਖਿਲਾਫ਼ ਸਾਈਬਰ ਕ੍ਰਾਈਮ ਸੈੱਲ ਰਾਹੀਂ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ਦਿਓ ਆਪਣੀ ਰਾਏ