ਸ਼੍ਰੋਮਣੀ ਕਮੇਟੀ ਨੇ ਪਾਕਿ ਸਰਕਾਰ ਨੂੰ ਭੇਜੀ ਸ਼ਰਧਾਲੂਆਂ ਦੀ ਸੂਚੀ

Sunday, Jul 14, 2019 - 03:20 PM (IST)

ਸ਼੍ਰੋਮਣੀ ਕਮੇਟੀ ਨੇ ਪਾਕਿ ਸਰਕਾਰ ਨੂੰ ਭੇਜੀ ਸ਼ਰਧਾਲੂਆਂ ਦੀ ਸੂਚੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ 24 ਜੁਲਾਈ ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ 'ਚ ਸ਼ਾਮਲ ਹੋਣ ਵਾਲੇ 480 ਸ਼ਰਧਾਲੂਆਂ ਦੀ ਸੂਚੀ ਵੀਜ਼ਾ ਪ੍ਰਕਿਰਿਆ ਮੁਕੰਮਲ ਕਰਨ ਲਈ ਭਾਰਤ ਤੇ ਪਾਕਿਸਤਾਨ ਸਰਕਾਰ  ਨੂੰ ਭੇਜ ਦਿੱਤੀ ਹੈ। 

ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਕੌਮਾਂਤਰੀ ਨਗਰ ਕੀਰਤਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤੇ ਨਗਰ ਕੀਰਤਨ ਦੇ ਭਾਰਤ ਵਿਚਾਲੇ ਰੂਟ ਨੂੰ ਵੀ ਤੈਅ ਕਰ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪਾਕਿਸਕਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸਮੇਤ ਹੋਰਾਂ ਨੂੰ ਪੱਤਰ ਭੇਜ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਸ਼ੁਰੂਆਤ ਸਿੰਘ ਸਾਹਿਬਾਨ, ਤਖਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ, ਵੱਖ-ਵੱਖ ਸੂਬਿਆਂ ਦੀਆਂ ਗੁਰਦੁਆਰਾ ਕਮੇਟੀਆਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਤੇ ਹੋਰ ਸੰਗਤਾਂ ਸ਼ਾਮਲ ਹੋਣਗੀਆਂ। ਨਗਰ ਕੀਰਤਨ ਦੇ ਅਟਾਰੀ ਪਹੁੰਚਣ 'ਤੇ ਭਰਵੇਂ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। 

ਰੂਟ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 25 ਜੁਲਾਈ ਨੂੰ ਵਾਹਗਾ ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜਣ ਮਗਰੋਂ ਨਗਰ ਕੀਰਤਨ ਦਾ ਰਾਤ ਦਾ ਵਿਸ਼ਰਾਮ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ ਤੇ ਅਗਲੇ ਦਿਨ ਨਗਰ ਕੀਰਤਨ ਗੁਰੂ ਨਾਨਕ ਦੇਵ ਨਾਲ ਸਬੰਧਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਪੁੱਜੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਅੱਗੇ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ 22 ਅਗਸਤ ਤੱਕ ਦਾ ਰੂਟ ਪਲਾਨ ਮੁਕੰਮਲ ਕਰ ਲਿਆ ਹੈ ਤੇ ਛੇਤੀ ਹੀ ਬਾਕੀ ਰੂਟ ਵੀ ਤੈਅ ਕਰ ਲਿਆ ਜਾਵੇਗਾ।


author

Baljeet Kaur

Content Editor

Related News