ਲਾਂਘੇ ਬਾਰੇ ਕੈਪਟਨ ਦੇ ਨਾਂਹ-ਪੱਖੀ ਰਵੱਈਏ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

12/12/2018 1:33:47 PM

ਅੰਮ੍ਰਿਤਸਰ (ਦੀਪਕ/ਸੁਮਿਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਅਪਣਾਏ ਗਏ ਨਾਂਹ-ਪੱਖੀ ਰਵੱਈਏ ਦੀ ਸਖਤ ਅਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਬਿਆਨ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਰਾਹ 'ਚ ਰੋੜਾ ਬਣਨ ਲਈ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਨਾਲ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। 

ਉਨ੍ਹਾਂ ਆਖਿਆ ਕਿ ਸਿੱਖਾਂ ਸਮੇਤ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਅਰਸੇ ਤੋਂ ਅਰਦਾਸਾਂ ਕੀਤੀਆਂ ਜਾਂਦੀਆਂ ਰਹੀਆਂ ਹਨ, ਜਿਸ ਦੇ ਫਲਸਰੂਪ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਸਕਿਆ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਵਲੋਂ ਲਾਂਘੇ ਨੂੰ ਲੈ ਕੇ ਜਿਸ ਪੱਧਰ ਦੀ ਬਿਆਨਬਾਜ਼ੀ ਕੀਤੀ ਗਈ ਹੈ, ਉਹ ਠੀਕ ਨਹੀਂ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਇਕ ਜ਼ਿੰਮੇਵਾਰ ਵਿਅਕਤੀ ਹਨ ਅਤੇ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ, ਜੋ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਜ਼ਖ਼ਮੀ ਕਰਨ ਵਾਲੀ ਹੋਵੇ। ਬੇਦੀ ਨੇ ਕਿਹਾ ਕਿ ਇਕ ਪਾਸੇ ਸਮੁੱਚਾ ਸਿੱਖ ਜਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਾਲ ਪੱਧਰ 'ਤੇ ਮਨਾਉਣ ਲਈ ਤਿਆਰੀਆਂ ਕਰ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਕਾਸ਼ ਪੁਰਬ ਦੇ ਇਸ ਇਤਿਹਾਸਕ ਮੌਕੇ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਰੋਕਣ ਲਈ ਅੜਿੱਕੇ ਪੈਦਾ ਕੀਤੇ ਜਾ ਰਹੇ ਹਨ।ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨੂੰ ਲੈ ਕੇ ਬੇਹੱਦ ਉਤਸ਼ਾਹਤ ਹਨ ਪਰ ਉਨ੍ਹਾਂ ਦਾ ਬਿਆਨ ਸੰਗਤ ਦੀਆਂ ਖ਼ੁਸ਼ੀਆਂ ਨੂੰ ਤਾਰ-ਤਾਰ ਕਰਨ ਵਾਲਾ ਹੈ।

rajwinder kaur

This news is Content Editor rajwinder kaur