SGPC ਦੇ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਚੋਣ ਭਲਕੇ

11/26/2019 10:11:58 AM

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਸਣੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ ਸਾਲਾਨਾ ਜਨਰਲ ਇਜਲਾਸ ਦੀਆਂ ਤਿਆਰੀਆਂ ਜਾਰੀ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵਲੋਂ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਇਜਲਾਸ ਦੌਰਾਨ ਡਿਊਟੀ ਨਿਭਾਉਣ ਵਾਲੇ ਹਰ ਮੁਲਾਜ਼ਮ ਨੂੰ ਆਪਣੀ ਡਿਊਟੀ ਸੁਹਿਰਦਤਾ ਨਾਲ ਨਿਭਾਉਣ ਲਈ ਕਿਹਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਹੋਣਾ ਹੈ। ਇਜਲਾਸ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਦਫ਼ਤਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਸਬੰਧੀ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਨਰਲ ਇਜਲਾਸ ਲਈ ਮੁਲਾਜ਼ਮਾਂ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਨਿਰਧਾਰਤ ਕੀਤੀਆਂ ਗਈਆਂ ਹਨ। ਡਾ. ਰੂਪ ਸਿੰਘ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਇਜਲਾਸ ਦੀ ਆਰੰਭਤਾ ਅਰਦਾਸ ਨਾਲ ਹੋਵੇਗੀ। ਸ਼੍ਰੋਮਣੀ ਕਮੇਟੀ ਦਾ ਸਮੁੱਚੇ ਹਾਊਸ ’ਚ 170 ਮੈਂਬਰ ਵੱਖ-ਵੱਖ ਹਲਕਿਆਂ ਤੋਂ ਸੰਗਤ ਵਲੋਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ। ਇਸ ਤੋਂ ਇਲਾਵਾ 15 ਨਾਮਜ਼ਦ ਮੈਂਬਰ ਹੁੰਦੇ ਹਨ। ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਾਹਿਬ ਵੀ ਸਤਿਕਾਰਤ ਮੈਂਬਰਾਂ ਵਜੋਂ ਹਾਊਸ ਦਾ ਹਿੱਸਾ ਹਨ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 14 ਸ਼੍ਰੋਮਣੀ ਕਮੇਟੀ ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ। ਇਸ ਤੋਂ ਇਲਾਵਾ 2 ਮੈਂਬਰਾਂ ਨੇ ਅਸਤੀਫ਼ਾ ਦਿੱਤਾ ਹੋਇਆ ਹੈ। ਇਜਲਾਸ ਦੇ ਪ੍ਰਬੰਧਾਂ ਸਬੰਧੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸਕੱਤਰ ਸਿੰਘ ਆਦਿ ਮੌਜੂਦ ਸਨ।

rajwinder kaur

This news is Content Editor rajwinder kaur