SGPC ਚੋਣਾਂ : ਲੌਂਗੋਵਾਲ ਸਮੇਤ ਬੀਬੀ ਜਗੀਰ ਕੌਰ ਅਤੇ ਤੋਤਾ ਸਿੰਘ ਵੀ ਪ੍ਰਧਾਨਗੀ ਦੀ ਦੌੜ ''ਚ

11/21/2019 5:22:11 PM

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ 'ਚ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸ 'ਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਜਾਣਗੇ। ਜਿਵੇਂ-ਜਿਵੇਂ ਜਨਰਲ ਇਜਲਾਸ ਦਾ ਦਿਨ ਨੇੜੇ ਆ ਰਿਹਾ ਹੈ, ਪ੍ਰਧਾਨ ਅਤੇ ਹੋਰ ਅਹੁਦਿਆਂ ਵਾਸਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਦੌੜ ਵੀ ਵਧ ਰਹੀ ਹੈ। ਇਹ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਪਹੁੰਚ ਕਰ ਰਹੇ ਹਨ।

ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਰਵਾਇਤ ਮੁਤਾਬਕ ਜਨਰਲ ਇਜਲਾਸ ਤੋਂ ਪਹਿਲਾਂ ਜਥੇਬੰਦੀ ਦੇ ਪ੍ਰਧਾਨ ਵਲੋਂ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀ ਰਾਇ ਲਈ ਜਾਂਦੀ ਹੈ ਅਤੇ ਇਸ ਮਗਰੋਂ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਂਦਾ ਹੈ, ਜਿਸ ਨੂੰ ਮੁੜ ਜਨਰਲ ਇਜਲਾਸ 'ਚ ਚੋਣ ਲਈ ਐਲਾਨਿਆ ਜਾਂਦਾ ਹੈ। ਇਸ ਵਾਰ ਮੀਟਿੰਗ ਤੋਂ ਪਹਿਲਾਂ ਹੀ ਕਈ ਪ੍ਰਮੁੱਖ ਮੈਂਬਰਾਂ ਵਲੋਂ ਸ੍ਰੀ ਬਾਦਲ ਤੱਕ ਪਹੁੰਚ ਕਰ ਕੇ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੁੜ ਪ੍ਰਧਾਨ ਦੇ ਅਹੁਦੇ ਵਾਸਤੇ ਵੱਡੇ ਦਾਅਵੇਦਾਰ ਹਨ। ਉਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਨਾਂ ਦੇ ਨਾਵਾਂ ਦੀ ਵੀ ਚਰਚਾ ਹੈ। ਜਾਣਕਾਰੀ ਅਨੁਸਾਰ ਸੰਤ ਬਲਬੀਰ ਸਿੰਘ ਨੇ ਵੀ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਸ੍ਰੀ ਲੌਂਗੋਵਾਲ ਪਿਛਲੇ ਦੋ ਸਾਲਾਂ ਤੋਂ ਸਿੱਖ ਸੰਸਥਾ ਦੇ ਨਿਰਵਿਵਾਦ ਪ੍ਰਧਾਨ ਹਨ। ਉਨ੍ਹਾਂ ਦੇ ਦੂਜੇ ਸਾਲ ਦੇ ਕਾਰਜਕਾਲ ਦੌਰਾਨ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ ਹੈ, ਜੋ ਲੌਂਗੋਵਾਲ ਦੇ ਖਾਤੇ ਵਿਚ ਵੱਡੀ ਸਫ਼ਲਤਾ ਵਜੋਂ ਦੇਖਿਆ ਜਾ ਰਿਹਾ ਹੈ।


Baljeet Kaur

Content Editor

Related News