ਓਡਿਸ਼ਾ ਦੇ ਗੁਰ-ਅਸਥਾਨਾਂ ਬਾਰੇ ਬੈਂਸ ਭਰਾਵਾਂ ਦਾ ਬਿਆਨ ਸ਼੍ਰੋਮਣੀ ਕਮੇਟੀ ਵਲੋਂ ਗੁੰਮਰਾਹਕੁੰਨ ਕਰਾਰ

12/25/2019 1:01:27 PM

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਓਡਿਸ਼ਾ ਦੇ ਜਗਨਨਾਥ ਪੁਰੀ 'ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਮੰਗੂ ਮੱਠ ਬਾਰੇ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੇ ਬਿਆਨ ਨੂੰ ਗੁੰਮਰਾਹਕੁੰਨ ਕਰਾਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਇਸ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਜਗਨਨਾਥ ਪੁਰੀ ਸਥਿਤ ਪਹਿਲੇ ਪਾਤਸ਼ਾਹ ਨਾਲ ਸਬੰਧਤ ਅਸਥਾਨਾਂ ਸਬੰਧੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਸਥਾਨਕ ਪ੍ਰਸ਼ਾਸਨ ਨਾਲ 16 ਦਸੰਬਰ ਨੂੰ ਮੀਟਿੰਗ ਕੀਤੀ ਜਾ ਚੁੱਕੀ ਹੈ, ਜਿਸ ਵਿਚ ਜ਼ਿਲਾ ਕੁਲੈਕਟਰ ਨੇ ਗੁਰਦੁਆਰਾ ਮੰਗੂ ਮੱਠ ਨੂੰ ਸੁਰੱਖਿਅਤ ਰੱਖਣ ਅਤੇ ਇਸ ਦੇ ਆਲੇ-ਦੁਆਲੇ ਲੋੜ ਅਨੁਸਾਰ ਇਮਾਰਤਾਂ ਬਣਾਉਣ ਦਾ ਭਰੋਸਾ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ 19 ਦਸੰਬਰ ਦੀ ਇਕੱਤਰਤਾ ਦੌਰਾਨ ਸੌਂਪ ਦਿੱਤੀ ਸੀ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਬਾਉਲੀ ਮੱਠ ਸਾਹਿਬ ਦੇ ਵਿਕਾਸ ਅਤੇ ਸੇਵਾਵਾਂ ਸਬੰਧੀ ਵੀ ਕਰੀਬ 2 ਮਹੀਨੇ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਓਡਿਸ਼ਾ ਸਰਕਾਰ ਨਾਲ ਸਮਝੌਤਾ ਸਹੀਬੱਧ ਕੀਤਾ ਜਾ ਚੁੱਕਾ ਹੈ, ਜਿਸ 'ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਓਡਿਸ਼ਾ ਸਿੱਖ ਪ੍ਰਤੀਨਿਧ ਬੋਰਡ ਦੇ ਨੁਮਾਇੰਦਿਆਂ ਵੱਲੋਂ ਹਸਤਾਖਰ ਕੀਤੇ ਗਏ ਹਨ। ਇਸ ਸਮਝੌਤੇ ਤਹਿਤ ਬਾਉਲੀ ਮੱਠ ਸਾਹਿਬ ਵਿਖੇ ਸੰਗਤੀ ਸਹੂਲਤਾਂ ਤੇ ਲੋੜੀਂਦੀਆਂ ਉਸਾਰੀਆਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਰਾਇ ਅਨੁਸਾਰ ਤਿਆਰ ਕਰਵਾਉਣ ਦਾ ਫੈਸਲਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਬੈਂਸ ਭਰਾਵਾਂ ਵਲੋਂ ਗੁਰਦੁਆਰਾ ਸ੍ਰੀ ਬਾਉਲੀ ਮੱਠ ਸਾਹਿਬ ਸਬੰਧੀ ਜਾਣਬੁੱਝ ਕੇ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਇਸ ਅਸਥਾਨ ਬਾਰੇ ਸਥਿਤੀ ਪਹਿਲਾਂ ਹੀ ਸਪੱਸ਼ਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੈਂਸ ਭਰਾਵਾਂ ਨੂੰ 19 ਦਸੰਬਰ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਸਾਹਿਬ ਵੱਲੋਂ ਕੀਤੀ ਗਈ ਇਕੱਤਰਤਾ ਦੌਰਾਨ ਇਸ ਗੱਲ ਦੀ ਜਾਣਕਾਰੀ ਮਿਲ ਗਈ ਸੀ ਅਤੇ ਉਨ੍ਹਾਂ ਨੇ ਇਸ ਮਾਮਲੇ ਨੂੰ ਸਿਆਸੀ ਹਿੱਤਾਂ ਲਈ ਵਰਤਣ ਦੀ ਚਲਾਕੀ ਕੀਤੀ ਹੈ। ਉਨ੍ਹਾਂ ਬੈਂਸ ਭਰਾਵਾਂ ਦੀ ਕਾਰਵਾਈ ਨੂੰ ਸਿਰਫ ਸੁਰਖੀਆਂ ਬਟੋਰਨ ਅਤੇ ਕੌਮ ਨੂੰ ਗੁੰਮਰਾਹ ਕਰਨ ਵਾਲੀ ਕਰਾਰ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਕੌਮ 'ਚ ਦੁਬਿਧਾ ਪੈਦਾ ਹੋਈ ਹੈ।

ਉਨ੍ਹਾਂ ਕਿਹਾ ਕਿ ਕੌਮੀ ਮਸਲਿਆਂ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਇਹ ਮਾਮਲੇ ਬੇਹੱਦ ਸੰਜੀਦਾ ਅਤੇ ਸੰਗਤ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ, ਜਦੋਂ ਕੋਈ ਇਸ ਨੂੰ ਸਿਆਸੀ ਫਾਇਦਿਆਂ ਲਈ ਵਰਤਣ ਦਾ ਯਤਨ ਕਰਦਾ ਹੈ ਤਾਂ ਉਲਝਣ ਹੋਰ ਵਧਦੀ ਹੈ। ਇਸ ਮੌਕੇ ਭਾਈ ਮਹਿਤਾ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਅਵਤਾਰ ਸਿੰਘ ਸੈਂਪਲਾ, ਸੁਖਦੇਵ ਸਿੰਘ ਭੂਰਾਕੋਹਨਾ, ਸਕੱਤਰ ਸਿੰਘ ਤੇ ਕੁਲਵਿੰਦਰ ਸਿੰਘ ਰਮਦਾਸ ਵੀ ਮੌਜੂਦ ਸਨ।


Baljit Singh

Content Editor

Related News