ਸ੍ਰੀ ਨਨਕਾਣਾ ਸਾਹਿਬ ਹਮਲੇ ਦੇ ਮਾਮਲੇ ''ਚ ਪਾਕਿਸਤਾਨ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫਦ

01/04/2020 6:45:39 PM

ਅੰਮ੍ਰਿਤਸਰ : ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵਲੋਂ ਕੀਤੇ ਗਏ ਪਥਰਾਅ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਚਾਰ ਮੈਂਬਰੀ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਲੋਂ ਪਾਕਿਸਤਾਨੀ ਪੰਜਾਬ ਦੇ ਗਵਰਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ 'ਚ ਸੀਨੀਅਤ ਮੀਤ ਪ੍ਰਧਾਨ ਰਜਿੰਦਰ ਸਿੰਘ, ਡਾ. ਰੂਪ ਸਿੰਘ ਮੁੱਖ ਸਕੱਤਰ, ਸੁਰਜੀਤ ਸਿੰਘ, ਮੈਨੇਜਰ ਰਜਿੰਦਰ ਰੂਬੀ ਮੌਜੂਦ ਹੋਣਗੇ।

ਇਥੇ ਦੱਸ ਦੇਈਏ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਦੇ ਬਾਹਰ ਕੱਲ ਸ਼ਾਮ ਉਸ ਵੇਲੇ ਤਣਾਅ ਵਾਲੀ ਸਥਿਤੀ ਬਣ ਗਈ ਜਦੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਗੁਰਦੁਆਰੇ ਬਾਹਰ ਧਰਨਾ ਦਿੱਤਾ ਅਤੇ ਗੁਰਦੁਆਰੇ ਦੇ ਅੰਦਰ ਪਥਰਾਅ ਵੀ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਨਹੀਂ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂ ਵੀ ਬਦਲ ਦੇਣਗੇ। ਧਰਨਾਕਾਰੀ ਉਸ ਮੁਸਲਿਮ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਹਨ, ਜਿਨ੍ਹਾਂ 'ਤੇ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾ ਕਰਨ ਤੇ ਜਬਰੀ ਨਿਕਾਹ ਕਰਕੇ ਧਰਮ ਤਬਦੀਲ ਕਰਨ ਦਾ ਦੋਸ਼ ਹੈ।
 

Baljeet Kaur

This news is Content Editor Baljeet Kaur