ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜ਼ੋਨ ਨੂੰ ਭੇਜਿਆ ਕਾਨੂੰਨੀ ਨੋਟਿਸ

01/12/2020 6:39:54 PM

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜ਼ੋਨ ਆਨਲਾਈਨ ਕੰਪਨੀ ਵਲੋਂ ਟਾਇਲਟ ਸੀਟ ਕਵਰ ਅਤੇ ਪਾਏਦਾਨ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਐਮਾਜ਼ੋਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਐਮਾਜ਼ੋਨ ਦੀ ਇਸ ਘਟੀਆ ਹਰਕਤ 'ਤੇ ਕੰਪਨੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ 'ਚ ਪੁਲਸ ਸ਼ਿਕਾਇਤ ਵੀ ਦਰਜ ਕਰਵਾਈ ਜਾ ਰਹੀ ਹੈ।

ਭਾਈ ਲੌਂਗੋਵਾਲ ਨੇ ਆਖਿਆ ਕਿ ਐਮਾਜ਼ੋਨ ਵੱਲੋਂ ਉਤਪਾਦ ਵੇਚਣ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਇਸ ਨਾਲ ਸਿੱਖਾਂ ਅੰਦਰ ਰੋਸ ਦੀ ਲਹਿਰ ਪੈਦਾ ਹੋਈ ਹੈ। ਇਸ ਤੋਂ ਪਹਿਲਾਂ ਵੀ ਇਸੇ ਕੰਪਨੀ ਵੱਲੋਂ ਅਜਿਹਾ ਹੀ ਕੀਤਾ ਗਿਆ ਸੀ, ਜਦਕਿ ਸ਼੍ਰੋਮਣੀ ਕਮੇਟੀ ਦੀ ਕਾਰਵਾਈ ਮਗਰੋਂ ਇਸ ਵੱਲੋਂ ਮੁਆਫ਼ੀ ਮੰਗੀ ਗਈ ਸੀ। ਉਨ੍ਹਾਂ ਕਿਹਾ ਕਿ ਜਾਣ-ਬੁਝ ਕੇ ਵਾਰ-ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਈਆਂ ਜਾ ਰਹੀਆਂ ਹਨ। ਭਾਈ ਲੌਂਗੋਵਾਲ ਨੇ ਸੰਗਤਾਂ ਨੂੰ ਸੁਚੇਤ ਕੀਤਾ ਕਿ ਅਜਿਹੀਆਂ ਕੰਪਨੀਆਂ ਦਾ ਸਖ਼ਤ ਵਿਰੋਧ ਕੀਤਾ ਜਾਵੇ ਅਤੇ ਕਿਸੇ ਵੀ ਅਜਿਹੇ ਉਤਪਾਦ ਦੀ ਖਰੀਦ ਨਾ ਕੀਤੀ ਜਾਵੇ।

Baljeet Kaur

This news is Content Editor Baljeet Kaur