ਮੱਧ ਪ੍ਰਦੇਸ਼ ਤੋਂ ਸਿਕਲੀਗਰ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸ੍ਰੀ ਅੰਮ੍ਰਿਤਸਰ ਪੁੱਜਾ

Thursday, Feb 28, 2019 - 11:21 AM (IST)

ਮੱਧ ਪ੍ਰਦੇਸ਼ ਤੋਂ ਸਿਕਲੀਗਰ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸ੍ਰੀ ਅੰਮ੍ਰਿਤਸਰ ਪੁੱਜਾ

ਅੰਮ੍ਰਿਤਸਰ (ਦੀਪਕ) : ਮੱਧ ਪ੍ਰਦੇਸ਼ ਦੇ ਵੱਖ-ਵੱਖ ਪਿੰਡਾਂ 'ਚ ਵੱਸਦੇ ਸਿਕਲੀਗਰ ਸਿੱਖਾਂ ਦੇ ਇਕ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਸਿੱਖ ਕੌਂਸਲ ਆਫ ਸਕਾਟਲੈਂਡ ਦੇ ਉਪਰਾਲੇ ਨਾਲ ਵੱਖ-ਵੱਖ ਗੁਰ-ਅਸਥਾਨਾਂ ਦੇ ਦਰਸ਼ਨ ਕਰਨ ਪੰਜਾਬ ਪੁੱਜੇ ਸਿਕਲੀਗਰ ਸਿੱਖਾਂ ਦੇ ਇਸ ਜਥੇ ਵਿਚ 170 ਮੈਂਬਰ ਸ਼ਾਮਿਲ ਹਨ। ਆਪਣੀ 8 ਦਿਨਾਂ ਦੀ ਯਾਤਰਾ ਦੇ ਪਹਿਲੇ ਦਿਨ ਜਥੇ 'ਚ ਸ਼ਾਮਿਲ ਸੰਗਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕੀਤੇ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ  ਸੁਖਦੇਵ ਸਿੰਘ ਭੂਰਾਕੋਹਨਾ ਤੇ ਮੀਤ ਸਕੱਤਰ  ਸਤਿੰਦਰ ਸਿੰਘ ਨੇ ਸਿੱਖ ਕੌਂਸਲ ਆਫ ਸਕਾਟਲੈਂਡ ਦੇ ਨੁਮਾਇੰਦਿਆਂ ਤੇ ਸਿਕਲੀਗਰ ਸਿੱਖ ਸੰਗਤ ਦੇ ਆਗੂਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਜਥੇਦਾਰ ਕਰਮੂੰਵਾਲਾ ਨੇ ਸਿੱਖ ਕੌਂਸਲ ਆਫ ਸਕਾਟਲੈਂਡ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸੰਗਤ ਨੂੰ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖਾਂ ਦੀ ਮਦਦ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਦੀ ਇੱਛਾ ਹੈ ਕਿ ਇਨ੍ਹਾਂ ਦੇ ਬੱਚਿਆਂ ਨੂੰ ਵਿੱਦਿਆ ਦੀ ਸਹੂਲਤ ਦੇ ਕੇ ਸਵੈ-ਨਿਰਭਰ ਕੀਤਾ ਜਾਵੇ।

ਇਸ ਮੌਕੇ ਸਿੱਖ ਕੌਂਸਲ ਆਫ ਸਕਾਟਲੈਂਡ ਦੇ ਮੁੱਖ ਸੇਵਾਦਾਰ ਸੁਲੱਖਣ ਸਿੰਘ ਸਮਰਾ ਤੇ ਜਨਰਲ ਸਕੱਤਰ ਗੁਰਦੀਪ ਸਿੰਘ ਸਮਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਸੰਸਥਾ ਸੰਨ 2002 ਵਿਚ ਸ਼ੁਰੂ ਕੀਤੀ ਗਈ ਸੀ ਤੇ ਉਦੋਂ ਤੋਂ ਲੈ ਕੇ ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਕੌਂਸਲ ਦੇ ਪ੍ਰਾਜੈਕਟ ਮੈਨੇਜਰ ਤਰਨਦੀਪ ਸਿੰਘ ਫਗਵਾੜਾ, ਭਾਈ ਸੰਜੀਵਨ ਸਿੰਘ, ਭਾਈ ਬਲਵੰਤ ਸਿੰਘ ਐਨੋਕੋਟ ਪ੍ਰਚਾਰਕ, ਗਿਆਨੀ ਦੀਵਾਨ ਸਿੰਘ, ਭਾਈ ਰੋਸ਼ਨ ਸਿੰਘ,  ਬਾਬੂ ਸਿੰਘ, ਮਨਜੀਤ ਸਿੰਘ ਆਦਿ ਮੌਜੂਦ ਸਨ।


author

Baljeet Kaur

Content Editor

Related News