ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੋਂ ਸਾਨੂੰ ਨਿਮਰਤਾ, ਸੇਵਾ ਅਤੇ ਸਿਮਰਨ ਦਾ ਸੁਨੇਹਾ ਮਿਲਦੈ : ਭਾਈ ਲੌਂਗੋਵਾਲ

11/02/2020 9:14:35 AM

ਅੰਮ੍ਰਿਤਸਰ(ਦੀਪਕ) : ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ। ਗੁਰੂ ਸਾਹਿਬ ਵਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਅੱਜ ਪੂਰੀ ਦੁਨੀਆ ਲਈ ਖਿੱਚ ਦਾ ਕੇਂਦਰ ਹੈ ਕਿਉਂਕਿ ਇਥੇ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਹਨ। ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕਰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਲਈ ਪ੍ਰੇਰਣਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ 'ਚੋਂ ਸਾਨੂੰ ਨਿਮਰਤਾ, ਸੇਵਾ ਅਤੇ ਸਿਮਰਨ ਦਾ ਸੁਨੇਹਾ ਮਿਲਦਾ ਹੈ, ਜਿਸ 'ਤੇ ਪਹਿਰਾ ਦਿੰਦਿਆਂ ਸਾਨੂੰ ਸਿੱਖ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਫੁੱਲਾਂ ਦੀ ਸਜ਼ਾਵਟ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜ਼ਾਵਟ ਕੀਤੀ ਗਈ ਹੈ। ਇਹ ਸੇਵਾ ਦਿੱਲੀ ਅਤੇ ਮੁੰਬਈ ਦੀਆਂ ਸੰਗਤਾਂ ਵੱਲੋਂ ਕਰਵਾਈ ਗਈ ਹੈ। ਫੁੱਲਾਂ ਦੀ ਸਜ਼ਾਵਟ ਕਰਵਾਉਣ ਵਾਲੇ ਭਾਈ ਇਕਬਾਲ ਸਿੰਘ ਨੇ ਦੱਸਿਆ ਕਿ ਸਜ਼ਾਵਟ ਲਈ 9 ਟਨ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ। ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਹਿਯੋਗ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  ਖ਼ੌਫ਼ਨਾਕ ਵਾਰਦਾਤ: ਅਣਖ ਖਾਤਰ ਭਰਾ ਨੇ ਬੇਲਚਾ ਨਾਲ ਵੱਢੀ ਭੈਣ

ਫੁੱਲਾਂ ਦੀ ਸਜ਼ਾਵਟ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਿਕਰਮਾ ਵਿਚ ਸਥਿਤ ਹੋਰ ਅਸਥਾਨਾਂ ਵਿਖੇ ਕੀਤੀ ਗਈ ਹੈ। ਦੱਸਣਯੋਗ ਹੈ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸਮਾਗਮਾਂ ਤਹਿਤ ਬੀਤੇ ਕੱਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਸੀ। ਇਸ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਰੋਜ਼ਾਨਾ ਸਮਾਗਮਾਂ ਦੀ ਲੜੀ ਵੀ ਚਲਦੀ ਰਹੀ। ਪ੍ਰਕਾਸ਼ ਪੁਰਬ ਮੌਕੇ 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਣਗੇ। ਇਸ ਤੋਂ ਇਲਾਵਾ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। 2 ਨਵੰਬਰ ਨੂੰ ਹੀ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ।


Baljeet Kaur

Content Editor

Related News