ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਮੁਫਤ ਬੱਸਾਂ ਦਾ ਪ੍ਰਬੰਧ

07/10/2018 10:59:34 AM

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੇਕਲੀ ਪਹਿਲ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਸੰਗਤਾਂ ਨੂੰ ਮੁਫਤ ਬੱਸਾਂ ਦੀ ਸਹੂਲਤ ਮੁਹੱਈਆ ਕਰਨ ਦੇ ਕਾਰਜ ਦੀ ਆਰੰਭਤਾ ਕੀਤੀ ਹੈ। ਇਸ ਸਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ ਗਈਆਂ ਹਨ, ਜਿਨ੍ਹਾਂ 'ਚੋਂ ਇਕ ਬੱਸ ਨੂੰ ਅੱਜ ਸਥਾਨਕ ਭਾਈ ਗੁਰਦਾਸ ਹਾਲ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜ ਵਿਸ਼ੇਸ਼ ਬੱਸਾਂ ਦੀ ਖਰੀਦ ਕੀਤੀ ਗਈ ਹੈ, ਜੋ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੈ ਕੇ ਆਉਣਗੀਆਂ।