''ਸਿੱਖ ਕੌਮ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ''ਚ ਦਖ਼ਲ ਨਹੀਂ ਕਰੇਗੀ ਬਰਦਾਸ਼ਤ''

01/24/2019 9:33:32 AM

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਬੋਰਡ ਨਾਂਦੇੜ ਦੇ ਪ੍ਰਧਾਨ ਦੀ ਮਹਾਰਾਸ਼ਟਰ ਸਰਕਾਰ ਵਲੋਂ ਮਨਮਰਜ਼ੀ ਨਾਲ ਨਿਯੁਕਤੀ ਦਾ ਸਖ਼ਤ ਵਿਰੋਧ ਕੀਤਾ ਹੈ।ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ  ਨਰਿੰਦਰ ਮੋਦੀ, ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖ ਕੇ ਇਤਰਾਜ਼ ਪ੍ਰਗਟ ਕੀਤਾ ਹੈ। ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ ਅਤੇ ਤਖ਼ਤ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਬੋਰਡ ਨਾਂਦੇੜ ਐਕਟ 1956 ਦੀ ਧਾਰਾ 11 ਨੂੰ ਆਪਣੇ ਮੂਲ ਰੂਪ ਅਨੁਸਾਰ ਹੀ ਲਾਗੂ ਕਰਵਾ ਕੇ ਬੋਰਡ ਦੇ ਮੈਂਬਰਾਂ 'ਚੋਂ ਹੀ ਪ੍ਰਧਾਨ ਦੀ ਚੋਣ ਕੀਤੀ ਜਾਵੇ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ 'ਚ ਸਿੱਧੇ ਤੌਰ 'ਤੇ ਸਰਕਾਰੀ ਦਖ਼ਲ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦਾ ਮਹਾਨ ਅਸਥਾਨ ਹੈ, ਜਿਥੇ ਦੁਨੀਆ ਭਰ ਦੇ ਸਿੱਖ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨ ਆਉਂਦੇ ਹਨ। ਤਖ਼ਤ ਸਾਹਿਬ ਦੇ ਪ੍ਰਬੰਧਾਂ ਨੂੰ 17 ਮੈਂਬਰੀ ਬੋਰਡ ਚਲਾਉਂਦਾ ਹੈ। ਐਕਟ ਅਨੁਸਾਰ ਇਨ੍ਹਾਂ ਮੈਂਬਰਾਂ 'ਚੋਂ ਹੀ ਪ੍ਰਧਾਨ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ, ਜਦਕਿ ਅਜੋਕੇ ਸਮੇਂ ਮਹਾਰਾਸ਼ਟਰ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ। ਮਹਾਰਾਸ਼ਟਰ ਸਰਕਾਰ ਵਲੋਂ ਐਕਟ ਦੀ ਧਾਰਾ 11 ਵਿਚ ਮਨਮਰਜ਼ੀ ਨਾਲ ਸੋਧ ਕਰ ਕੇ ਆਪਣੇ ਪੱਧਰ 'ਤੇ ਪ੍ਰਧਾਨ ਨਿਯੁਕਤ ਕਰਨਾ ਸਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੁਨੀਆ ਭਰ ਦੇ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਜੋ ਸਰਕਾਰ ਦੇ ਇਸ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਮਾਮਲਾ ਭਾਰਤ ਸਰਕਾਰ ਦੇ ਨਾਲ-ਨਾਲ ਮਹਾਰਾਸ਼ਟਰ ਸਰਕਾਰ ਕੋਲ ਵੀ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਸਿੱਖ ਪੰਥ ਅੰਦਰ ਇਸ ਮਾਮਲੇ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ, ਇਸ ਲਈ ਸਰਕਾਰ ਆਪਣੀ ਮਨਮਰਜ਼ੀ ਤਿਆਗੇ, ਨਹੀਂ ਤਾਂ ਸਿੱਖ ਕੌਮ ਸਖਤ ਰੁਖ ਅਖਤਿਆਰ ਕਰਨ ਤੋਂ ਵੀ ਗੁਰੇਜ਼ ਨਹੀਂ ਕਰੇਗੀ।

Baljeet Kaur

This news is Content Editor Baljeet Kaur