ਸ੍ਰੀ ਹਰਿਮੰਦਰ ਸਾਹਿਬ ਆ ਰਹੇ 90 ਦੇਸ਼ਾਂ ਦੇ ਰਾਜਦੂਤਾਂ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

Sunday, Oct 20, 2019 - 11:27 AM (IST)

ਸ੍ਰੀ ਹਰਿਮੰਦਰ ਸਾਹਿਬ ਆ ਰਹੇ 90 ਦੇਸ਼ਾਂ ਦੇ ਰਾਜਦੂਤਾਂ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

ਅੰਮ੍ਰਿਤਸਰ (ਦੀਪਕ ਸ਼ਰਮਾ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 22 ਅਕਤੂਬਰ ਨੂੰ ਦਰਸ਼ਨ ਕਰਨ ਪੁੱਜ ਰਹੇ 90 ਰਾਜਦੂਤਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜਾ ਵਿਖੇ ਇੱਕ ਵਿਸ਼ੇਸ਼ ਪੰਡਾਲ ਲਗਾਇਆ ਜਾ ਰਿਹਾ ਹੈ, ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮਹਿਮਾਨਾਂ ਨੂੰ ਜੀ ਆਇਆਂ ਕਹਿਣਗੇ। ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਮਗਰੋਂ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਜਾਵੇਗਾ।

ਡਾ. ਰੂਪ ਸਿੰਘ ਅਨੁਸਾਰ ਇਹ ਪਹਿਲੀ ਵਾਰ ਹੈ ਕਿ ਏਨੀ ਵੱਡੀ ਗਿਣਤੀ 'ਚ ਰਾਜਦੂਤ ਇਕੱਠੇ ਰੂਹਾਨੀਅਤ ਦੇ ਕੇਂਦਰ ਵਿਖੇ ਆ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਇੱਕ ਚੰਗਾ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਮਹਿਮਾਨ ਹਨ ਅਤੇ ਸਵਾਗਤ ਲਈ ਉਚੇਚੇ ਪ੍ਰਬੰਧ ਕੀਤੇ ਜਾ ਰਹੇ ਹਨ। ਇਨ੍ਹਾਂ ਮਹਿਮਾਨਾਂ ਦੇ ਸਨਮਾਨ ਲਈ ਪਲਾਜਾ ਵਿਖੇ ਵਿਸ਼ੇਸ਼ ਪੰਡਾਲ ਦੀ ਰੂਪ ਰੇਖਾ ਬਣਾਈ ਗਈ ਹੈ ਅਤੇ ਪ੍ਰਬੰਧਕੀ ਜਿੰਮੇਵਾਰੀਆਂ ਨਿਰਧਾਰਤ ਕਰ ਦਿਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਸਰਬ ਸਾਂਝੇ ਅਧਿਆਤਮਿਕ ਅਸਥਾਨ ਹਨ ਅਤੇ ਇਥੇ ਲੱਖਾਂ ਸੰਗਤਾਂ ਦੇ ਨਾਲ ਨਾਲ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੀ ਸਮੇਂ ਸਮੇਂ ਨਤਮਸਤਕ ਹੁੰਦੀਆਂ ਰਹਿੰਦੀਆਂ ਹਨ।

ਵਰਣਨਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਆ ਰਹੇ 90 ਦੇਸ਼ਾਂ ਦੇ ਇਨ੍ਹਾਂ ਰਾਜਦੂਤਾਂ ਦੇ ਨਾਲ ਭਾਰਤ ਦੇ ਸ਼ਹਿਰੀ ਵਿਕਾਸ ਬਾਰੇ ਰਾਜ ਮੰਤਰੀ ਸ. ਹਰਦੀਪ ਸਿੰਘ ਪੁਰੀ ਵੀ ਹੋਣਗੇ। ਉਹ ਪਲਾਜਾ ਦੇ ਜ਼ਮੀਨਦੋਜ਼ ਹਿੱਸੇ ਵਿਚ ਬਣੇ ਵਿਆਖਿਆ ਕੇਂਦਰ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਜਾਣਗੇ।


author

Baljeet Kaur

Content Editor

Related News