ਸਕੂਲ ਵਿਖੇ ਸਾਲਾਨਾ ਸਮਾਰੋਹ ਆਯੋਜਿਤ

03/26/2019 4:43:55 AM

ਅੰਮ੍ਰਿਤਸਰ (ਮਮਤਾ)—ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵਨਿਊ ਵਿਖੇ ਵੱਖ‐ਵੱਖ ਅਕਾਦਮਿਕ ਪ੍ਰੀਖਿਆਵਾਂ ਅਤੇ ਹੋਰਨਾਂ ਗਤੀਵਿਧੀਆਂ ’ਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਲਈ ਅੱਜ ‘ਸਾਲਾਨਾ ਸਮਾਰੋਹ’ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਤੇਜਿੰਦਰ ਕੌਰ ਛੀਨਾ ਤੋਂ ਇਲਾਵਾ ਕੌਂਸਲ ਦੇ ਜੁਆਇੰਟ ਸਕੱਤਰ ਸ. ਹਰਮਿੰਦਰ ਸਿੰਘ ਫ੍ਰੀਡਮ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਮੌਕੇ ਸ਼੍ਰੀਮਤੀ ਛੀਨਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਕ ਕਾਬਲ ਵਿਅਕਤੀ ਦੀ ਪਛਾਣ ਉਸ ਦੇ ਲਹਿਜ਼ੇ ਅਤੇ ਗੱਲਬਾਤ ਦੇ ਸਲੀਕੇ ਤੋਂ ਹੁੰਦੀ ਹੈ, ਜਿਸ ਸਦਕਾ ਉਹ ਸੁਹਿਰਦ ਸਮਾਜ ਸਿਰਜਣ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਜ਼ਿਲੇ ਦੇ ਵਿਦਿਅਕ ਮਿਆਰ ਨੂੰ ਵਧਾਉਣ ਲਈ ਸਕੂਲ ਦੀ ਸ਼ਲਾਘਾ ਕੀਤੀ। ਸ਼੍ਰੀਮਤੀ ਛੀਨਾ ਨੇ ਹਰਮਿੰਦਰ ਸਿੰਘ ਫ਼੍ਰੀਡਮ ਅਤੇ ਪ੍ਰਿੰ. ਸੇਠੀ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਨਵੇਂ ਖੇਡ ਕੰਪਲੈਕਸ ਦਾ ਉਦਘਾਟਨ ਕਰਨ ਤੋਂ ਇਲਾਵਾ ਸਕੂਲ ਦਾ ਮੈਗਜ਼ੀਨ ‘ਪੈਟਲਜ਼’ ਦਾ ਉਦਘਾਟਨ ਵੀ ਕੀਤਾ। ਸ. ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ’ਚ ਖੇਡਾਂ ਦੀ ਮਹੱਤਤਾ, ਸਰੀਰਕ ਤੰਦਰੁਸਤੀ, ਖੇਡਾਂ ਦੇ ਅਨੁਸ਼ਾਸਨ ਅਤੇ ਅਤਿ ਆਧੁਨਿਕ ਤਕਨੀਕ ਨਾਲ ਖੇਡਾਂ ਸਬੰਧੀ ਬੁਨਿਆਦੀ ਢਾਂਚਾ ਤਿਆਰ ਕਰਨ ਦੀ ਵਚਨਬੱਧਤਾ ਲਈ ਮੈਨੇਜਮੈਂਟ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਪ੍ਰਿੰ. ਸੇਠੀ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਜੀ ਆਇਆਂ ਕਿਹਾ ਅਤੇ ਇਸ ਉਪਰੰਤ ਉਨ੍ਹਾਂ ਸਕੂਲ ਦੀਆਂ ਸਾਲਾਨਾ ਸਰਗਰਮੀਆਂ ਉੱਪਰ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਡਾਂਸ, ਗੀਤ, ਨਾਟਕ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੌਂਸਲ ਦੇ ਮੈਂਬਰ ਸ. ਲਖਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਏ. ਐੱਸ. ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ਼੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ, ਪ੍ਰੋ. ਅਮਰੀਕ ਸਿੰਘ, ਸਾਬਕਾ ਪ੍ਰਿੰਸੀਪਲ ਸ਼੍ਰੀਮਤੀ ਡੀ. ਕੇ. ਸੰਧੂ, ਵਾਈਸ ਪ੍ਰਿੰਸੀਪਲ ਰੁਪਿੰਦਰ ਕੌਰ ਮਾਹਲ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀ ਮੌਜੂਦ ਸਨ। ਹਾਜ਼ਰ ਮਹਿਮਾਨਾਂ ਨੇ ਵੱਖ-ਵੱਖ ਮੁਕਾਬਲਿਆਂ ਦੇ ਖਿਡਾਰੀਆਂ ਅਤੇ ਹੋਰਨਾਂ ਵਿਦਿਆਰਥੀਆਂ ਵੱਲੋਂ ਸਕੂਲ ਦਾ ਨਾਂ ਰੋਸ਼ਨ ਕਰਨ ’ਤੇ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ।