ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

Wednesday, Sep 09, 2026 - 06:29 PM (IST)

ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

ਅੰਮ੍ਰਿਤਸਰ : ਲੁਧਿਆਣਾ ਵਿਚ ਸੰਵਿਧਾਨ ਨਿਰਮਾਤਾ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਸਮੇਤ ਦੇਸ਼ ਭਰ ਦੀਆਂ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁੱਲ ’ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਭੰਡਾਰੀ ਪੁੱਲ ਤੋਂ ਹੈਰੀਟੇਜ ਸਟਰੀਟ ਸਥਿਤ ਬਾਬਾ ਸਾਹਿਬ ਦੀ ਪ੍ਰਤਿਮਾ ਤੱਕ ਰੋਸ ਮਾਰਚ ਵੀ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੰਜਾਬ ਵਿਚ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਸੁਰੱਖਿਆ ਲਈ ਪੱਕੇ ਪ੍ਰਬੰਧ ਕੀਤੇ ਜਾਣ। ਜਥੇਬੰਦੀਆਂ ਨੇ ਕਿਹਾ ਕਿ ਮੂਰਤੀਆਂ ਵਾਲੀਆਂ ਥਾਵਾਂ ’ਤੇ ਸੀਸੀਟੀਵੀ ਕੈਮਰੇ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ।

ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਦੇ ਯੂਥ ਵਿੰਗ ਪੰਜਾਬ ਦੇ ਚੇਅਰਮੈਨ ਅਤੇ ਮਿਸ਼ਨ ਏਕਤਾ ਪੰਜਾਬ ਦੇ ਮੈਂਬਰ ਅਮਨ ਅਵਾਲਮੀਕਿ ਸਮੇਤ ਵੱਖ-ਵੱਖ ਆਗੂਆਂ ਨੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਆਗੂਆਂ ਨੇ ਦੋਸ਼ ਲਾਇਆ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਪੰਜਾਬ ਪੁਲਸ ਅਤੇ ਇੰਟੈਲੀਜੈਂਸ ਨਾਕਾਮ ਰਹੀ ਹੈ। ਜਥੇਬੰਦੀਆਂ ਵੱਲੋਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਕੱਲ੍ਹ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਈ ਅਤੇ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਨਾ ਕੀਤੇ ਗਏ ਤਾਂ ਆਉਣ ਵਾਲੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਬੰਦ ਕੀਤਾ ਜਾਵੇਗਾ।

ਇਸ ਬੰਦ ਦੌਰਾਨ ਮੈਡੀਕਲ ਸਹੂਲਤਾਂ ਅਤੇ ਵਿਦਿਅਕ ਅਦਾਰਿਆਂ ਨੂੰ ਛੋਟ ਦੇਣ ਦੀ ਗੱਲ ਵੀ ਕਹੀ ਗਈ ਹੈ। ਆਗੂਆਂ ਨੇ ਵਪਾਰੀ ਵਰਗ ਨੂੰ ਵੀ ਇਸ ਰੋਸ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਮੌਜੂਦ ਰਹੇ। ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਮੰਗਾਂ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।


author

Gurminder Singh

Content Editor

Related News