ਅੰਮ੍ਰਿਤਸਰ ਵਾਸੀਆਂ ਲਈ ਚੰਗੀ ਖ਼ਬਰ, ਸ਼ਹਿਰ ਦੇ ਸੁੰਦਰੀਕਰਨ ਲਈ ਕਰੋੜਾਂ ਰੁਪਏ ਖ਼ਰਚੇਗੀ ਮਾਨ ਸਰਕਾਰ

Tuesday, Dec 13, 2022 - 05:28 PM (IST)

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 7.73 ਕਰੋੜ ਰੁਪਏ ਖ਼ਰਚਣ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਗੋਲਡਨ ਗੇਟ ਅੰਮ੍ਰਿਤਸਰ ਦੀ ਪੇਂਟਿੰਗ ਅਤੇ ਜਨਰਲ ਰੈਨੋਵੇਸ਼ਨ (ਲਾਈਟਾਂ ਸਮੇਤ) ਦਾ ਕੰਮ ਅਤੇ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਮੋਜ਼ੇਕ ਟਾਈਲਾਂ ਨਾਲ ਮੁਕੰਮਲ ਰੰਗਦਾਰ ਲਾਈਟਾਂ ਵਾਲੇ 12 ਫੁੱਟ ਦੇ ਫੁਹਾਰੇ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਅਹਿਮ ਖ਼ਬਰ : GMCH-32 'ਚ ਹੋਣ ਜਾ ਰਹੀ ਨਰਸਾਂ ਦੀ ਭਰਤੀ, ਕੇਂਦਰ ਨੇ ਦਿੱਤੀ ਮਨਜ਼ੂਰੀ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਬੀ/ਐੱਸ ਖਾਲਸਾ ਕਾਲਜ ਅਤੇ ਜੀ. ਐੱਨ. ਡੀ. ਯੂ ਰੋਡ ਸਾਈਡ ਲੈਵਲਿੰਗ ਡਰੈਸਿੰਗ ਅਤੇ ਬੂਟੇ ਲਗਾਉਣ ਦੇ ਕੰਮ ਕੀਤੇ ਜਾਣਗੇ। ਪੁਲਾਂ ਨੂੰ ਸੀਮੈਂਟ ਆਧਾਰਿਤ ਪੇਂਟ ਨਾਲ ਪੇਂਟ ਕਰਕੇ ਸੁੰਦਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਾਪਿੰਗ ਸੈਂਟਰ ਅੰਮ੍ਰਿਤਸਰ ਵਿਖੇ ਹਰੀ ਪੱਟੀ ਦੀ ਮੁਰੰਮਤ ਅਤੇ ਸੁੰਦਰੀਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਾਮ ਸਿੰਘ ਅਟਾਰੀਵਾਲਾ ਯਾਦਗਾਰੀ ਗੇਟ ਦੀ ਮੁਰੰਮਤ ਅਤੇ ਵਾਰਨੀਸ਼ਿੰਗ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਨੂੰ ਜਾਣ ਵਾਲੀਆਂ ਵੱਖ-ਵੱਖ ਸੜਕਾਂ 'ਤੇ ਬੂਟੇ, ਸਜਾਵਟੀ ਬੂਟੇ ਅਤੇ ਕਰੀਪਰ ਆਦਿ ਲਗਾਉਣ, 97 ਏਕੜ 'ਚ ਸੜਕਾਂ 'ਤੇ ਇੰਟਰਲਾਕਿੰਗ ਟਾਈਲਾਂ ਲਗਾਉਣ, ਸੈਂਟਰਲ ਵਰਜ ਦੀ ਪੇਂਟਿੰਗ ਅਤੇ ਐਕਸਟੈਨਸ਼ਨ ਸਕੀਮ ਤਹਿਤ ਕਬੀਰ ਪਾਰਕ 'ਚ ਫੁੱਟਪਾਥ ਦੀ ਮੁਰੰਮਤ ਦਾ ਕੰਮ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਚਾਈਨਾ ਡੋਰ ਵੇਚਣ ਤੇ ਖ਼ਰੀਦਣ ਵਾਲੇ ਸਾਵਧਾਨ! ਸਰਕਾਰ ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ

ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਰ ਵੀ ਕਈ ਵਿਕਾਸ ਕਾਰਜ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਫ਼ਨਾ ਰਾਜ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਇਸ ਸੁਫ਼ਨੇ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News