ਅੰਮ੍ਰਿਤਸਰ ਬੰਬ ਧਮਾਕਾ : ਦੋਸ਼ੀਆਂ ਨੂੰ ਵਿਦੇਸ਼ਾਂ ਤੋਂ ਹੋਈ ਸੀ ਫਡਿੰਗ
Wednesday, Dec 05, 2018 - 07:16 PM (IST)

ਅੰਮ੍ਰਿਤਸਰ (ਸੰਜੀਵ, ਸੁਮਿਤ ਖੰਨਾ) : ਅੰਮ੍ਰਿਤਸਰ ਦੇ ਪਿੰਡ ਅਦਲੀਵਾਲਾ ਵਿਖੇ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਗ੍ਰਿਫਤਾਰ ਦੋਸ਼ੀਆਂ, ਅਵਤਾਰ ਸਿੰਘ ਤੇ ਬਿਕਰਮ ਸਿੰਘ, ਨੂੰ ਅੱਜ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਦੋਵਾਂ ਦੋਸ਼ੀਆਂ ਨੂੰ 6 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੁੱਛਗਿੱਛ ਦੌਰਾਨ ਦੋਵਾਂ ਦੋਸ਼ੀਆਂ ਵਲੋਂ ਕਈ ਖੁਲਾਸੇ ਕੀਤੇ ਗਏ ਹਨ।
ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ ਦੇ ਡੀ.ਐੱਸ.ਪੀ. ਬਲਦੇਵ ਸਿੰਘ ਨੇ ਦੱਸਿਆ ਕਿ ਨਿਰੰਕਾਰੀ ਭਵਨ 'ਚ ਗ੍ਰਨੇਡ ਹਮਲਾ ਕਰਨ ਵਾਲੇ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਕੋਲੋਂ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਨ੍ਹਾਂ ਦੋਵਾਂ ਨੂੰ ਸਾਲ 2016 ਤੋਂ ਹੁਣ ਤੱਕ ਬਾਹਰਲੇ ਦੇਸ਼ਾਂ ਤੋਂ 16 ਲੱਖ ਰੁਪਏ ਦੀ ਫੰਡਿਗ ਹੋਈ ਹੈ ਤੇ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ ਦੋ ਇੰਟਰਨੈੱਟ ਡਿਵਾਈਸ ਵੀ ਬਰਾਮਦ ਹੋਏ ਹਨ।
ਉਨ੍ਹਾਂ ਦੱਸਿਆ ਕਿ ਅਦਾਲਤ ਨੇ ਦੋਹਾਂ ਨੂੰ 11 ਦਸੰਬਰ ਨੂੰ ਮੁੜ ਅਦਾਲਤ 'ਚ ਪੇਸ਼ ਕਰਨ ਦਾ ਹੁਕਮ ਸੁਣਾਇਆ ਹੈ।
ਦੱਸ ਦੇਈਏ ਕਿ ਬੀਤੀ 18 ਨਵੰਬਰ ਨੂੰ ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ਵਿੱਚ ਗ੍ਰਨੇਡ ਧਮਾਕਾ ਹੋਇਆ ਸੀ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਤੇ 19 ਜਣੇ ਜ਼ਖ਼ਮੀ ਹੋ ਗਏ ਸਨ। ਪੁਲਸ ਨੇ 21 ਨਵੰਬਰ ਨੂੰ ਪਹਿਲਾ ਮੁਲਜ਼ਮ ਬਿਕਰਮਜੀਤ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ 24 ਨਵੰਬਰ ਨੂੰ ਦੂਜਾ ਮੁਲਜ਼ਮ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਦੋਂ ਤੋਂ ਹੀ ਦੋਵੇਂ ਪੁਲਿਸ ਰਿਮਾਂਡ 'ਤੇ ਹਨ।