SGPC ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ

Sunday, Nov 03, 2019 - 11:54 AM (IST)

SGPC ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ


ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਕਾਰਵਾਈ ਸਬੰਧਤ ਵਲੋਂ ਪੰਜਾਬੀ ਦੇ ਇੱਕ ਅਖਬਾਰ 'ਚ ਸਿੱਖ ਸਿਧਾਂਤਾਂ ਨੂੰ ਠੇਸ ਪਹੁੰਚਾਉਣ ਵਾਲੇ ਇਸ਼ਤਿਹਾਰ ਛਪਾਉਣ ਕਰਕੇ ਕੀਤੀ ਗਈ ਹੈ। ਧਰਮ ਪ੍ਰਚਾਰ ਕਮੇਟੀ ਦੀ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਇਸ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਅਤੇ ਫੈਸਲਾ ਕੀਤਾ ਗਿਆ ਕਿ ਸਿੱਖੀ ਦੇ ਮੌਲਿਕ ਸਿਧਾਂਤਾਂ ਨੂੰ ਰਲਗਡ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। 

ਇਸ ਸਬੰਧ 'ਚ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਨੇ ਜਿਥੇ ਪਾਵਨ ਗੁਰਬਾਣੀ ਅਤੇ ਇਕ ਓਅੰਕਾਰ ਦੀ ਤੁਲਨਾ ਆਪਣੇ ਨਾਲ ਕੀਤੀ ਹੈ, ਉਥੇ ਹੀ ਉਸ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦਸਮ ਪਾਤਸ਼ਾਹ ਜੀ ਦੀ ਬਾਣੀ ਦਾ ਵੀ ਨਿਰਾਦਰ ਕੀਤਾ ਹੈ। ਉਸ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਹਿੰਦੂ ਦੇਵੀ ਦੇਵਤਿਆਂ ਨਾਲ ਵੀ ਜੋੜਿਆ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਸਿੱਖ ਧਰਮ ਦੀ ਮੌਲਿਕਤਾ, ਗੁਰੂ ਸਾਹਿਬਾਨ ਅਤੇ ਪਾਵਨ ਗੁਰਬਾਣੀ ਦਾ ਨਿਰਾਦਰ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਜਿਥੇ ਸਬੰਧਤ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਉਥੇ ਨਾਲ ਹੀ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਵੀ ਉਸ ਵਿਰੁੱਧ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਸ ਪ੍ਰਸ਼ਾਸਨ ਨੂੰ ਸਬੰਧਤ ਦੀ ਘਿਨੌਣੀ ਹਰਕਤ ਬਦਲੇ ਉਸ ਦਾ ਅੰਮ੍ਰਿਤਸਰ ਵਿਖੇ ਕੀਤਾ ਜਾ ਰਿਹਾ ਸਮਾਗਮ ਵੀ ਰੋਕਣਾ ਚਾਹੀਦਾ ਹੈ। 


ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਵਲੋਂ ਪ੍ਰਸਿੱਧ ਸਿੱਖ ਇਤਿਹਾਸਕਾਰ ਹਰਵਿੰਦਰ ਸਿੰਘ ਖਾਲਸਾ ਦੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਤਿੰਨ ਪੁਸਤਕਾਂ ਜਾਰੀ ਕੀਤੀਆਂ ਗਈਆਂ। ਇਨ੍ਹਾਂ ਪੁਸਤਕਾਂ 'ਚ ਇਲਾਹੀ ਦਰਸ਼ਨ, ਜਗਤੁ ਗੁਰੁ ਬਾਬਾ ਅਤੇ ਗੁਰੂ ਨਾਨਕ ਪਾਤਸ਼ਾਹ ਦੇ ਸਿੱਦਕੀ ਸਿੱਖ ਸ਼ਾਮਲ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰਵਿੰਦਰ ਸਿੰਘ ਖਾਲਸਾ ਨੇ ਇਹ ਪੁਸਤਕਾਂ ਪ੍ਰਕਾਸ਼ਤ ਕਰਵਾ ਕੇ ਸ਼ਲਾਘਾਯੋਗ ਉੱਦਮ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਬਿੱਕਰ ਸਿੰਘ ਚੰਨੂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਅਵਤਾਰ ਸਿੰਘ ਵਣਵਾਲਾ, ਰਾਮਪਾਲ ਸਿੰਘ ਬਹਿਣੀਵਾਲਾ, ਮਨਜੀਤ ਸਿੰਘ ਬੱਪੀਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ ਆਦਿ ਮੌਜੂਦ ਸਨ।


author

Baljeet Kaur

Content Editor

Related News