ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੰਮ੍ਰਿਤਸਰ ਵਿਖੇ ਲਹਿਰਾਇਆ ਤਿਰੰਗਾ

01/26/2020 11:59:51 AM

ਅੰਮ੍ਰਿਤਸਰ (ਗੁਰਪ੍ਰੀਤ ਸਿੰਘ/ਵਾਲੀਆ) : ਦੇਸ਼ ਭਰ 'ਚ ਅੱਜ ਗਣਤੰਤਰ ਦਿਵਸ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। 71ਵੇਂ ਗਣਤੰਤਰਤਾ ਦਿਵਸ ਨੂੰ ਲੈ ਕੇ ਅੱਜ ਦੇਸ਼ ਭਰ 'ਚ ਕਈ ਥਾਈਂ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ ਤੇ ਕੌਮੀ ਝੰਡਾ ਲਹਿਰਾਇਆ ਜਾ ਰਿਹਾ ਹੈ। ਉਥੇ ਹੀ ਅੱਜ ਪੰਜਾਬ 'ਚ ਵੱਖ-ਵੱਖ ਜ਼ਿਲਿਆਂ 'ਚ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੰਮ੍ਰਿਤਸਰ ਵਿਖੇ ਗੁਰੂ ਨਾਨਕ ਦੇਵ ਸਟੇਡੀਅਮ 'ਚ ਸੂਬਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। 

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਐਲਾਨ ਕਰਦੇ ਹੋਏ ਦੇਸ਼ ਦੀ ਆਜ਼ਾਦੀ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਸ. ਸਰਕਾਰੀਆ ਨੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਇਸ ਮੌਕੇ ਯਾਦ ਕਰਦੇ ਕਿਹਾ ਕਿ ਇਹ ਵਰ੍ਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਅਤੇ 550ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਪੂਰਵਕ ਮਨਾਉਣ ਲਈ ਜਾਣਿਆ ਜਾਂਦਾ ਰਹੇਗਾ। ਉਨ੍ਹਾਂ ਦੱਸਿਆ ਕਿ ਨਵੰਬਰ ਮਹੀਨੇ ਪ੍ਰਕਾਸ਼ ਪੁਰਬ ਮੌਕੇ 70 ਲੱਖ ਦੇ ਕਰੀਬ ਸ਼ਰਧਾਲੂਆਂ ਨੇ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਦਰਸ਼ਨ ਕੀਤੇ ਅਤੇ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਰਸਤਾ ਆਮ ਲੋਕਾਂ ਲਈ ਖੁੱਲ੍ਹਿਆ। ਉਨ੍ਹਾਂ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦਾ ਜ਼ਿਕਰ ਵੀ ਕੀਤਾ। ਇਸ 'ਚ ਸ੍ਰੀ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਵਿਕਸਿਤ ਕਰਨ ਲਈ 271 ਕਰੋੜ ਰੁਪਏ ਦਾ ਪ੍ਰਾਜੈਕਟ, ਨਵੀਂ ਦਿੱਲੀ ਅਤੇ ਸੁਲਤਾਨਪੁਰ ਲੋਧੀ ਵਿਚਕਾਰ ਸਰਬੱਤ ਦਾ ਭਲਾ ਐਕਸਪ੍ਰੈੱਸ ਗੱਡੀ ਦੀ ਸ਼ੁਰੂਆਤ, ਲੜਕਿਆਂ ਲਈ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਦੀ ਸਥਾਪਨਾ ਆਦਿ ਸ਼ਾਮਲ ਹਨ।

ਸ. ਸਰਕਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 399ਵਾਂ ਪ੍ਰਕਾਸ਼ ਪੁਰਬ, ਬਾਬਾ ਬੰਦਾ ਸਿੰਘ ਬਹਾਦਰ ਦੀ 350ਵੀਂ ਜਨਮ ਸ਼ਤਾਬਦੀ ਅਤੇ ਜੈਨ ਧਰਮ ਦੇ ਦਸਵੇਂ ਮੁਖੀ ਆਚਾਰੀਆ ਸ਼੍ਰੀ ਮਹਾਪ੍ਰਗਿਆ ਦੀ ਜਨਮ ਸ਼ਤਾਬਦੀ ਮਨਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 55 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਪੰਜਾਬ ਉਨਤੀ ਦੀ ਰਾਹ 'ਤੇ ਹੈ। ਸ. ਸਰਕਾਰੀਆ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਲਈ 37 ਕਰੋੜ 57 ਲੱਖ ਰੁਪਏ ਦੀ ਲਾਗਤ ਨਾਲ 66 ਹਜ਼ਾਰ ਪੁਰਾਣੀਆਂ ਸਟਰੀਟ ਲਾਈਟਾਂ ਦੀ ਜਗ੍ਹਾ ਨਵੀਆਂ ਐੱਲ. ਈ. ਡੀ . ਲਾਈਟਾਂ ਲਾਉਣ ਦਾ ਕੰਮ ਜਾਰੀ ਹੈ। ਹੁਣ ਤੱਕ 35 ਹਜ਼ਾਰ ਐੱਲ. ਈ. ਡੀ. ਲਾਈਟਾਂ ਲਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸੈਲਾਨੀਆਂ ਅਤੇ ਸ਼ਰਧਾਲੂਆਂ ਲਈ ਹੈਰੀਟੇਜ ਵਾਕ ਅਤੇ ਗੋਲਡਨ ਟੈਂਪਲ ਪਲਾਜ਼ਾ ਖੇਤਰ 'ਚ ਮੁਫ਼ਤ ਇੰਟਰਨੈੱਟ ਵਾਈਫਾਈ ਸੇਵਾ ਦਿੱਤੀ ਜਾ ਰਹੀ ਹੈ।

ਇਸ ਦੌਰਾਨ ਸ. ਸਰਕਾਰੀਆ ਨੇ ਸੱਭਿਆਚਾਰਕ ਟੀਮਾਂ ਵੱਲੋਂ ਕੀਤੇ ਪ੍ਰਦਰਸ਼ਨ ਤੋਂ ਖੁਸ਼ ਹੋ ਕੇ ਆਪਣੇ ਕੋਟੇ ਵਿਚੋਂ 2 ਲੱਖ ਰੁਪਏ ਦੇਣ ਅਤੇ ਸਾਰੇ ਸਕੂਲਾਂ ਨੂੰ ਸੋਮਵਾਰ ਦੀ ਛੁੱਟੀ ਕਰਨ ਦਾ ਐਲਾਨ ਵੀ ਕੀਤਾ। ਗਣਤੰਤਰ ਦਿਵਸ ਮੌਕੇ ਸ. ਸਰਕਾਰੀਆ ਵੱਲੋਂ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ ਅਤੇ ਰੈੱਡ ਕਰਾਸ ਦੀ ਸਹਾਇਤਾਂ ਨਾਲ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਖੇਤਰਾਂ 'ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਵਿਚੋਂ ਮਜੀਠਾ ਦੇ ਸਰਕਾਰੀ ਸਕੂਲ ਦਾ ਪ੍ਰੋਗਰਾਮ ਸਭ ਤੋਂ ਵਧੀਆ ਐਲਾਨਿਆ ਗਿਆ। ਸਰਕਾਰੀਆ ਵੱਲੋਂ ਪਰੇਡ ਕਮਾਂਡਰ ਅਭਿਮਨੂੰ ਰਾਣਾ ਆਈ. ਪੀ. ਐੱਸ. ਅਤੇ ਪਰੇਡ ਦੀ ਤਿਆਰੀ ਲਈ ਵਰਿੰਦਰ ਸਿੰਘ ਸੀ. ਡੀ. ਆਈ. ਨੂੰ ਸਨਮਾਨਤ ਵੀ ਕੀਤਾ ਗਿਆ।

cherry

This news is Content Editor cherry