ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੀ (ਵੀਡੀਓ)

05/12/2019 3:05:09 PM

ਅੰਮ੍ਰਿਤਸਰ(ਦੀਪਕ) : ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ 6 ਸਿੱਖ ਨੌਜਵਾਨਾਂ ਵੱਲੋਂ ਸਰੀ (ਕੈਨੇਡਾ) ਤੋਂ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਸ਼ਨੀਵਾਰ ਨੂੰ ਵਾਹਗਾ-ਅਟਾਰੀ ਸਰਹੱਦ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੀ, ਜਿਥੇ ਉਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੇ ਅਟਾਰੀ ਸਰਹੱਦ 'ਤੇ ਪੁੱਜ ਕੇ ਮੋਟਰਸਾਈਕਲ ਯਾਤਰਾ ਕਰਨ ਵਾਲੇ ਨੌਜਵਾਨਾਂ ਦਾ ਸਿਰੋਪਾਓ ਅਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਸਿੱਖ ਮੋਟਰਸਾਈਕਲ ਕਲੱਬ ਕੈਨੇਡਾ ਦੇ ਇਨ੍ਹਾਂ ਨੌਜਵਾਨਾਂ ਵੱਲੋਂ ਇਹ ਯਾਤਰਾ 3 ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ ਆਰੰਭ ਕੀਤੀ ਗਈ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ ਸ਼ਨੀਵਾਰ ਨੂੰ ਵਾਹਗਾ-ਅਟਾਰੀ ਸਰਹੱਦ ਰਾਹੀਂ ਪੰਜਾਬ ਪੁੱਜੀ। ਇਸੇ ਦੌਰਾਨ ਯਾਤਰਾ ਕਰ ਰਹੇ ਸਿੱਖ ਨੌਜਵਾਨਾਂ ਨੇ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ।



ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਸਿੱਖ ਨੌਜਵਾਨਾਂ ਵੱਲੋਂ ਸਿੱਖ ਵਿਰਸੇ, ਸਿੱਖ ਪਛਾਣ ਅਤੇ ਸਿੱਖਾਂ ਵੱਲੋਂ ਵਿਸ਼ਵ ਪੱਧਰ 'ਤੇ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਾਰਥਿਕ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਅੱਜ ਸਿੱਖਾਂ ਨੇ ਵਿਸ਼ਵ ਭਰ ਵਿਚ ਆਪਣੀ ਨਿਆਰੀ ਹੋਂਦ, ਹਸਤੀ ਅਤੇ ਮੁੱਲਵਾਨ ਕਦਰਾਂ-ਕੀਮਤਾਂ ਕਰ ਕੇ ਪਛਾਣ ਬਣਾਈ ਹੈ। ਉਨ੍ਹਾਂ ਨੌਜਵਾਨਾਂ ਦੇ ਉੱਦਮ ਦੀ ਪ੍ਰਸ਼ੰਸਾ ਕਰਦਿਆਂ ਆਸ ਕੀਤੀ ਕਿ ਇਸ ਨਾਲ ਵਿਸ਼ਵ ਭਰ 'ਚ ਇਕ ਚੰਗਾ ਸੁਨੇਹਾ ਜਾਵੇਗਾ।

ਇਸ ਦੌਰਾਨ ਮੋਟਰਸਾਈਕਲ ਯਾਤਰਾ ਕਰਨ ਵਾਲੇ ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਯਾਤਰਾ ਕਰ ਕੇ ਬੇਹੱਦ ਪ੍ਰਸੰਨਤਾ ਹੋਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ ਆਦਿ ਮੌਜੂਦ ਸਨ। ਦੱਸਣਯੋਗ ਹੈ ਕਿ ਇਹ ਯਾਤਰਾ 12 ਮਈ ਨੂੰ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋਵੇਗੀ, ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੌਜਵਾਨਾਂ ਦਾ ਸਨਮਾਨ ਕੀਤਾ ਜਾਵੇਗਾ।

cherry

This news is Content Editor cherry