ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਸ਼ੁਰੂ ਮੋਟਰਸਾਈਕਲ ਯਾਤਰਾ ਅੱਜ ਪੁੱਜੇਗੀ ਪੰਜਾਬ

Saturday, May 11, 2019 - 09:28 AM (IST)

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਸ਼ੁਰੂ ਮੋਟਰਸਾਈਕਲ ਯਾਤਰਾ ਅੱਜ ਪੁੱਜੇਗੀ ਪੰਜਾਬ

ਅੰਮ੍ਰਿਤਸਰ (ਦੀਪਕ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਨੌਜਵਾਨਾਂ ਵਲੋਂ ਕੈਨੇਡਾ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਦਾ 11 ਮਈ ਨੂੰ ਪੰਜਾਬ ਪੁੱਜਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਮੋਟਰਸਾਈਕਲ ਯਾਤਰਾ 3 ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ 6 ਨੌਜਵਾਨਾਂ ਵੱਲੋਂ ਆਰੰਭ ਕੀਤੀ ਗਈ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ 11 ਮਈ ਨੂੰ ਸਵੇਰੇ 10 ਵਜੇ ਪਾਕਿਸਤਾਨ ਤੋਂ ਵਾਹਗਾ ਅਟਾਰੀ ਸਰਹੱਦ ਰਸਤੇ ਪੰਜਾਬ ਪੁੱਜੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਯਾਤਰਾ ਦੇ ਨੌਜਵਾਨਾਂ ਨੂੰ ਜੀ ਆਇਆਂ ਕਿਹਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੌਜਵਾਨਾਂ ਦਾ ਅਟਾਰੀ ਸਰਹੱਦ 'ਤੇ ਸਵਾਗਤ ਹੋਵੇਗਾ, ਜਿਸ ਮਗਰੋਂ ਇਕ ਕਾਫਲੇ ਦੀ ਰੂਪ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯਾਤਰਾ ਪੁੱਜੇਗੀ, ਜਿਥੇ ਨਤਮਸਤਕ ਹੋਣ ਮਗਰੋਂ ਨੌਜਵਾਨਾਂ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਜਾਵੇਗਾ। ਡਾ. ਰੂਪ ਸਿੰਘ ਨੇ ਦੱਸਿਆ ਕਿ 12 ਮਈ ਨੂੰ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਯਾਤਰਾ ਦੀ ਸਮਾਪਤੀ ਮੌਕੇ ਵੀ ਯਾਤਰਾ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ।


author

Baljeet Kaur

Content Editor

Related News