ਕੇਂਦਰੀ ਸਿੱਖ ਅਜਾਇਬ ਘਰ ਵਿਖੇ ਚਾਰ ਮਹਾਨ ਸਿੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
Friday, Mar 13, 2020 - 03:07 PM (IST)
ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਪੰਥ ਦੀਆਂ 4 ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ ਹਨ। ਇਨ੍ਹਾਂ ’ਚ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਸ਼ਹੀਦ ਹੋਏ ਜਥੇਦਾਰ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਿਹੰਗ ਸਿੰਘ, ਗੁਰਮਤਿ ਸੰਗੀਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਰਹੇ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਲੁਧਿਆਣਾ, ਗੁਰੂ ਘਰ ਦੇ ਸੇਵਕ ਬਾਬਾ ਭਾਨ ਸਿੰਘ ਲੁਧਿਆਣਾ ਅਤੇ ਸਾਰਾਗਡ਼੍ਹੀ ਦੇ ਸ਼ਹੀਦਾਂ ਦਾ ਬਦਲਾ ਲੈਣ ਵਾਲੇ ਲੈਫਟੀਨੈਂਟ ਰਾਮ ਸਿੰਘ ਬਹਾਦਰ ਸ਼ਾਮਲ ਹਨ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿ. ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਨਿਭਾਈ।
ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਅਤੇ ਸੇਵਾ-ਸਿਮਰਨ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਤਿਕਾਰ ਕਰਦੀ ਹੈ। ਇਸ ਤਹਿਤ ਹੀ ਪੰਥ ਲਈ ਯੋਗਦਾਨ ਪਾਉਣ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਲਾਈਆਂ ਜਾਂਦੀਆਂ ਹਨ। ਸਿੱਖ ਕੌਮ ’ਚ ਇਹ ਸਭ ਤੋਂ ਵੱਡਾ ਸਨਮਾਨ ਹੈ। ਲਾਈਆਂ ਗਈਆਂ ਤਸਵੀਰਾਂ ਸਬੰਧੀ ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਿਹੰਗ ਸਿੰਘ ਦੀ ਸ਼ਹਾਦਤ ਬਹੁਤ ਵੱਡੀ ਹੈ, ਸੰਗਤਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਗੁਰਧਾਮਾਂ ਦੇ ਸੇਵਾਦਾਰ ਬਣਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ, ਬਾਬਾ ਭਾਨ ਸਿੰਘ ਅਤੇ ਲੈਫਟੀਨੈਂਟ ਰਾਮ ਸਿੰਘ ਬਹਾਦਰ ਦੇ ਕਾਰਜਾਂ ਦੀ ਵੀ ਪ੍ਰਸ਼ੰਸਾ ਕੀਤੀ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਚਾਰਾਂ ਸ਼ਖ਼ਸੀਅਤਾਂ ਨਾਲ ਸਬੰਧਤਾਂ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਬਖਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।