ਅੰਮ੍ਰਿਤਸਰ ਹਾਈਵੇ ’ਤੇ ਭਿਆਨਕ ਹਾਦਸਾ, 2 ਜਵਾਨ ਮੁੰਡਿਆਂ ਦੀ ਥਾਈਂ ਮੌਤ
Friday, Nov 06, 2026 - 01:47 PM (IST)
ਜ਼ੀਰਾ/ਮੱਖੂ (ਗੁਰਮੇਲ ਸੇਖਵਾਂ) : ਅੰਮ੍ਰਿਤਸਰ ਹਾਈਵੇ ’ਤੇ ਮੱਖੂ ਤੋਂ ਕਰੀਬ ਇਕ ਕਿਲੋਮੀਟਰ ਦੀ ਦੂਰੀ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਮੱਖੂ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵਿਫ਼ਟ ਕਾਰ ’ਚ ਸਵਾਰ ਚਾਰ ਨੌਜਵਾਨ ਨਜ਼ਦੀਕੀ ਪਿੰਡ ਤਲਵੰਡੀ ਵੱਲੋਂ ਹਾਈਵੇ ’ਤੇ ਜਾ ਰਹੇ ਸਨ ਅਤੇ ਇਸੇ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਹੋਰ ਕਾਰ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ।
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਅਨਮੋਲ ਚੋਪੜਾ (27) ਅਤੇ ਕੁਨਾਲ ਆਹੂਜਾ (26) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਨਿਖਿਲ ਨਾਮਕ ਨੌਜਵਾਨ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਹਾ ਹੈ ਕਿ ਜ਼ਖ਼ਮੀ ਨੌਜਵਾਨ ਮ੍ਰਿਤਕ ਅਨਮੋਲ ਚੋਪੜਾ ਦਾ ਭਰਾ ਹੈ, ਜਦਕਿ ਕਾਰ ’ਚ ਸਵਾਰ ਇਕ ਹੋਰ ਵਿਅਕਤੀ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਇਸ ਹਾਦਸੇ ਤੋਂ ਬਾਅਦ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਖੇਤਰ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।
